Breaking News
Dashmesh GS Electricals Verka Smart Media Insurance Point Tav Prasad

ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵੱਧ ਤੋਂ ਵੱਧ ਰਾਹਤ ਦੇਣ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ

ਚੰਡੀਗੜ੍ਹ, 16 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਮਗਰੋਂ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸਬੰਧੀ 14 ਸਤੰਬਰ ਨੂੰ ਇਕ ਵਿਸ਼ੇਸ਼ ਸਿਹਤ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ, ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ, ਛੂਤਛਾਤ ਦੀਆਂ ਬਿਮਾਰੀਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਪੱਧਰ ਉੱਤੇ ਸਿਹਤ ਜਾਂਚ ਯਕੀਨੀ ਬਣਾਉਣਾ ਹੈ। ਇਸ ਤਹਿਤ ਸਾਰੇ ਪ੍ਰਭਾਵਿਤ 2303 ਪਿੰਡਾਂ ਵਿੱਚ ਤਿੰਨ ਦਿਨਾਂ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਡਾਕਟਰ, ਪੈਰਾ-ਮੈਡੀਕਲ ਟੀਮਾਂ, ਸਹਿਯੋਗੀ ਸਟਾਫ਼ ਦੇ ਨਾਲ-ਨਾਲ ਲਾਜ਼ਮੀ ਦਵਾਈਆਂ ਤੇ ਹੋਰ ਸਾਮਾਨ ਵੀ ਮੁਹੱਈਆ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰੇਕ ਆਸ਼ਾ ਵਰਕਰ ਆਪਣੇ ਪਿੰਡ ਦੇ ਹਰੇਕ ਘਰ ਵਿੱਚ ਜਾ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2.47 ਲੱਖ ਘਰਾਂ ਤੱਕ ਪਹੁੰਚ ਕਰ ਲਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ.ਆਰ.ਐਸ., ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ 2025 ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ।

ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *