Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਮੋਹਾਲੀ ਵਿੱਚ ਪਟਾਕਿਆਂ ਦੀ ਵਿੱਕਰੀ ਲਈ 44 ਲਾਇਸੰਸ ਜਾਰੀ

ਪਟਾਕਿਆਂ ਦੀ ਵਿਕਰੀ ਹੋਵੇਗੀ 18 ਤੋਂ 20 ਅਕਤੂਬਰ ਤੱਕ

ਦਿਵਾਲੀ ਅਤੇ ਗੁਰਪੁਰਬ ਮੌਕੇ ਕੇਵਲ ਦੋ ਘੰਟਿਆਂ ਲਈ ਚਲਾਏ ਜਾ ਸਕਣਗੇ ਪਟਾਕੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ 44 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਗਠਿਤ ਕੀਤੀ ਗਈ ਕਮੇਟੀ ਵੱਲੋਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੰਸ ਜਾਰੀ ਕਰਨ ਲਈ ਅੱਜ ਡਰਾਅ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ, (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਤਹਿਸੀਲਦਾਰ, ਖਰੜ, ਗੁਰਵਿੰਦਰ ਕੌਰ ਤੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਪਬਲਿਕ ਦੀ ਹਾਜ਼ਰੀ ਵਿਚ ਮੁਕੰਮਲ ਵੀਡੀਓਗ੍ਰਾਫੀ ਹੇਠ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ, ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੰਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਆਰਜ਼ੀ ਲਾਇਸੰਸਾਂ ਲਈ ਕੁੱਲ 1260 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 1180 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਬਨੂੰੜ ਵਿੱਚ ਪਟਾਕਿਆਂ ਦੀ ਵਿੱਕਰੀ ਲਈ 18 ਲਾਇਸੰਸਾਂ ਵਾਸਤੇ 1042 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਯਾ ਗਾਉਂ ਵਿੱਚ ਪਟਾਕਿਆਂ ਦੀ ਵਿੱਕਰੀ ਲਈ 8 ਲਾਇਸੰਸਾਂ ਵਾਸਤੇ 19 ਅਰਜ਼ੀਆਂ ਮਿਲੀਆਂ ਜਦੋਂ ਕਿ ਡੇਰਾਬਸੀ ਲਈ 6 ਲਾਇਸੰਸਾਂ ਵਾਸਤੇ 187 ਅਰਜ਼ੀਆਂ ਮਿਲੀਆਂ। ਇਸ ਤੋਂ ਇਲਾਵਾ ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ 12 ਲਾਇਸੰਸਾਂ ਵਾਸਤੇ ਕੇਵਲ 12 ਅਰਜ਼ੀਆਂ ਹੀ ਪ੍ਰਾਪਤ ਹੋਣ ਕਰਕੇ ਡਰਾਅ ਨਹੀ ਕੱਢਿਆ ਗਿਆ, ਪ੍ਰਾਪਤ ਅਰਜ਼ੀਆਂ ਅਨੁਸਾਰ ਹੀ ਪ੍ਰਾਰਥੀਆਂ ਨੂੰ ਲਾਇਸੰਸ ਜਾਰੀ ਕਰ ਦਿੱਤੇ ਗਏ।

ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਸਿਰਫ਼ 13 ਥਾਵਾਂ ਨਿਰਧਾਰਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿੱਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੰਸ ਤੋਂ ਪਟਾਕਿਆਂ ਦੀ ਵਿੱਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 20 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ, ਸ਼ਾਮ 8.00 ਵਜੇ ਤੋਂ 10.00 ਵਜੇ ਤੱਕ ਅਤੇ ਮਿਤੀ 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਅਤੇ ਸ਼ਾਮ ਨੂੰ 09.00 ਵਜੇ ਤੋਂ 10.00 ਵਜੇ ਤੱਕ, ਨਿਰਧਾਰਤ ਅਵਾਜ ਅੰਦਰ ਹੀ ਫਾਇਰ ਕਰੈਕਰਜ਼/ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਫਾਇਰ ਕਰੈਕਰਜ਼/ਪਟਾਕੇ ਨਹੀਂ ਚਲਾਏਗਾ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਸਵੈ-ਪਾਲਣਾ ਵੀ ਕਰੇਗਾ।

ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਮਿਤੀ 18, 19 ਅਤੇ 20 ਅਕਤੂਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 5 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ‘ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ ਪਟਾਕਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੰਸ ਤੋਂ ਵਿੱਕਰੀ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਤ ਥਾਵਾਂ, ਪ੍ਰਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.sasnagar.nic.in ਤੇ ਵੇਖੀ ਜਾ ਸਕਦੀ ਹੈ।

Leave a Reply

Your email address will not be published. Required fields are marked *