Breaking News
Dashmesh GS Electricals Verka Smart Media Insurance Point Tav Prasad

ਵਿਸ਼ਾਲ ਨਗਰ ਕੀਰਤਨ ਦਾ ਮੋਹਾਲੀ ਜ਼ਿਲੇ ‘ਚ ਪੁੱਜਣ ‘ਤੇ ਡੀਸੀ ਤੇ ਐਸਐਸਪੀ ਵੱਲੋਂ ਵੱਡੀ ਗਿਣਤੀ ਸੰਗਤਾਂ ਸਮੇਤ ਨਿੱਘਾ ਸਵਾਗਤ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਰਾਤਰੀ ਪੜਾਅ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਨਿਮਾਣੇ ਸ਼ਰਧਾਲੂ ਵਜੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਜੀ ਦੇ 350ਵੇਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਤਲਵੰਡੀ ਸਾਬੋ ਤੋਂ ਕੱਲ ਆਰੰਭ ਹੋਇਆ ਨਗਰ ਕੀਰਤਨ ਅੱਜ ਬਨੂੜ ਰਾਹੀ ਮੋਹਾਲੀ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ।

ਬਨੂੜ ਵਿਖੇ ਨਗਰ ਕੀਰਤਨ ਦੇ ਦਰਸ਼ਨਾਂ ਲਈ ਵਿਸ਼ੇਸ਼ ਤੌਰ ਤੇ ਪੁੱਜੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਵੱਲੋਂ ਵੱਡੀ ਗਿਣਤੀ ਸ਼ਰਧਾਲੂ ਸੰਗਤਾਂ ਦੇ ਨਾਲ ਨਗਰ ਕੀਰਤਨ ਦੇ ਦਰਸ਼ਨ ਕੀਤੇ ਗਏ। ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਨੇੜੇ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਨਗਰ ਕੀਰਤਨ ਦੀ ਉਡੀਕ ਵਿੱਚ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਸੰਤ ਬਾਬਾ ਗੁਰਦੇਵ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿਸ਼ਾਨਚੀ ਸਿੰਘਾ, ਪੰਜ ਪਿਆਰੇ ਸਿੰਘਾਂ, ਨਗਾਰਚੀ ਅਤੇ ਪਾਲਕੀ ਸਾਹਿਬ ਦਾ ਪੂਰਨ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੌਜੂਦ ਹੋਰਨਾਂ ਅਧਿਕਾਰੀਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਵੀ ਮੌਜੂਦ ਸਨ।

ਇਸ ਮੌਕੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸਮੁੱਚੀ ਸੰਗਤ ’ਤੇ ਅਪਾਰ ਕਿਰਪਾ ਕੀਤੀ ਹੈ। ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਸੰਗਤਾਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਡੇ ਪੱਧਰ ‘ਤੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਆਪਾਂ ਸਾਰੇ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਈਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ ਲਈ “ਟੈਂਟ ਸਿਟੀ” ਸਥਾਪਤ ਕੀਤੀ ਗਈ ਹੈ, ਜਿਹੜੀ ਐਮ ਸੇਵਾ ਐਪ ਤੇ ਆਨਲਾਈਨ ਬੁਕਿੰਗ ਲਈ ਉਪਲਬਧ ਹੈ।

ਬਨੂੜ ਤੋਂ ਇਹ ਵਿਸ਼ਾਲ ਨਗਰ ਕੀਰਤਨ ਮੋਹਾਲੀ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਿਆ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ ਮੋਹਾਲੀ ਸ਼ਹਿਰ ਦੀਆਂ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ 21 ਨਵੰਬਰ ਰਾਤ ਦਾ ਠਹਿਰਾਅ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਅਤੇ ਸ਼੍ਰੀ ਅੰਬ ਸਾਹਿਬ ਸਾਹਿਬ ਕਰੇਗਾ ਤੇ 22 ਨਵੰਬਰ ਨੂੰ ਸਵੇਰੇ 09 ਵਜੇ ਚੱਲ ਕੇ ਏਅਰਪੋਰਟ ਰੋਡ ਤੋਂ ਖਰੜ ਫਲਾਈ ਓਵਰ ਰਾਹੀਂ ਗੁਰਦੁਆਰਾ ਕਰਤਾਰਸਰ, ਪਡਿਆਲਾ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਮੋਹਾਲੀ ਤੋਂ ਰਵਾਨਗੀ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸਤਿਕਾਰ ਵਜੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਜਾਵੇਗਾ।

ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਹੈ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਐੱਸ ਪੀ ਹੈਡਕੁਆਰਟਰ ਮੋਹਿਤ ਅਗਰਵਾਲ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਕਸ਼ਿਸ਼ ਗਰਗ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੌਜੂਦ ਰਹੇ।ਇਸ ਮੌਕੇ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਮਰਿਆਦਾ ਨਾਲ ਸੁੱਖ ਆਸਣ ਕੀਤਾ ਗਿਆ ਅਤੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ।

Leave a Reply

Your email address will not be published. Required fields are marked *