Breaking News
Smart Media Dashmesh Insurance Point

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ 22 ਤੋਂ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਹਾਲੀ ਵਿੱਚ ਕੱਲ੍ਹ ਤੋਂ 8 ਥਾਵਾਂ ਤੇ ਪਾਇਲਟ ਰਜਿਸਟ੍ਰੇਸ਼ਨ ਦੀ ਸ਼ੁਰੂਆਤ

ਮੋਹਾਲੀ, 12 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪੰਜਾਬ ਭਰ ਵਿੱਚ 22 ਜਨਵਰੀ ਤੋਂ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਕੱਲ੍ਹ ਤੋਂ ਅੱਠ ਥਾਵਾਂ ਤੇ ਪਾਇਲਟ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ।

ਮੋਹਾਲੀ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 274 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਾਮਨ ਸਰਵਿਸ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਡਿਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਘੜੂਆਂ ਅਤੇ ਡੇਰਾਬੱਸੀ ਸਿਹਤ ਬਲਾਕਾਂ ਵਿੱਚ ਕੱਲ੍ਹ ਤੋਂ 8 ਥਾਵਾਂ ’ਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਹੋਰ ਸਥਾਨਾਂ ਤੱਕ ਲਿਜਾਈ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਪ੍ਰਸ਼ਾਸਨਿਕ ਪੱਖੋਂ ਅਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈਲਪਮੈਂਟ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰਾਂ ਵਿੱਚ ਤਾਇਨਾਤ ਸਾਰੇ ਡਿਪਟੀ ਮੈਡੀਕਲ ਕਮਿਸ਼ਨਰ ਨੋਡਲ ਅਫ਼ਸਰ ਹੋਣਗੇ।

ਉਨ੍ਹਾਂ ਨੇ ਹਦਾਇਤ ਦਿੱਤੀ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਹੋਵੇ ਅਤੇ ਲਾਭਪਾਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਇਤਿਹਾਸਕ ਯੋਜਨਾ ਦਾ ਲਾਭ ਲੈ ਸਕਣ।

ਇਸ ਮੌਕੇ ਏ ਡੀ ਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਵੜਿੰਗ ਅਤੇ ਅਸਿਸਟੈਂਟ ਸਿਵਲ ਸਰਜਨ ਡਾ. ਮਨਜਿੰਦਰ ਕੌਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *