ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਨੇ ਕਾਂਗਰਸ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਅੰਮ੍ਰਿਤਾ ਵੜਿੰਗ ਨੇ 40 ਸਕਿੰਟ ਦੀ ਇਸ ਵੀਡੀਓ ‘ਚ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜੇ’ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਹੱਥ ਨਾਲ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ। ਅਕਾਲੀ ਦਲ ਨੇ ਇਸ ਵੀਡੀਓ ਦੇ ਆਧਾਰ ‘ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।
ਵਾਇਰਲ ਵੀਡੀਓ ‘ਚ ਅੰਮ੍ਰਿਤਾ ਵੜਿੰਗ ਇਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਹਿ ਰਹੀ ਹੈ ਕਿ ਤੁਹਾਡੀ ਵੋਟ ਸੱਚੇ ਪਾਤਸ਼ਾਹ ਬਾਬੇ ਨਾਨਕ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਨਿਸ਼ਾਨ ਪੰਜਾ, ਉਨ੍ਹਾਂ ਗੁਰੂਆਂ ਕਰਕੇ ਹੀ ਚੁਣਿਆ ਹੈ।
ਉਨ੍ਹਾਂ ਵੋਟਰਾਂ ਅਪੀਲ ਕੀਤੀ ਕਿ ਉਹ ਅੱਜ ਉਨ੍ਹਾਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਏ ਹਨ। ਹਾਲਾਂਕਿ ਇਹ ਬਿਆਨ ਕਦੋਂ ਤੇ ਕਿੱਥੇ ਦਿੱਤਾ ਗਿਆ ਹੈ, ਇਸ ਬਾਰੇ ਪੁਸ਼ਟੀ ਨਹੀਂ ਹੋ ਸਕੀ। ਸ਼੍ਰੋਮਣੀ ਅਕਾਲੀ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਸ ਬਿਆਨ ਦੀ ਨਿੰਦਾ ਕੀਤੀ ਹੈ।
ਇਸ ਬਿਆਨ ਤੋਂ ਬਾਅਦ ਰਾਜਸੀ ਪਾਰਟੀਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਕੀਤੇ ਵਿਰੋਧ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਮਾਫੀ ਮੰਗੀ ਹੈ।