
ਮੁੱਖ ਦਫ਼ਤਰ ਪਹੁੰਚਣ ਤੇ ਚੇਅਰਮੈਨ ਬਰਸਟ ਦਾ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ
ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਅਤੇ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਤੇ ਦਿੱਤਾ ਜੋਰ
ਐਸ.ਏ.ਐਸ. ਨਗਰ, 23 ਫਰਵਰੀ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਹਰ ਵਰਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਜਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਸ. ਹਰਚੰਦ ਸਿੰਘ ਬਰਸਟ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ. ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹਿੱਤ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜਿਆਦਾ ਜੋਸ਼ ਨਾਲ ਯਤਨ ਕਰਨ।
ਚੇਅਰਮੈਨ ਨੇ ਖਾਸ ਤੌਰ ‘ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਾਬਾੜੀ ਪ੍ਰਣਾਲੀ ਵਿੱਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਸ. ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ।
ਇਸ ਮੌਕੇ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ ਇਨ ਚੀਫ਼, ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਸਮੇਤ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ।