Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਕੈਬਨਿਟ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੇਪਰੇ ਚਾੜ੍ਹਨ ਵਿਚ ਮਿਲੇਗੀ ਮੱਦਦ

ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕਰਨ ਨਾਲ ਅਸਾਮੀਆਂ ਭਰਨ ਲਈ ਰਾਹ ਪੱਧਰਾ 

ਚੰਡੀਗੜ੍ਹ, 1 ਜੂਨ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।

ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

Leave a Reply

Your email address will not be published. Required fields are marked *