Breaking News
Smart Media Dashmesh Insurance Point

ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ: ਵੜਿੰਗ

ਨਗਰ ਕੌਂਸਲ ਚੋਣਾਂ ਨਤੀਜਿਆਂ ਨੂੰ ਲੈ ਕੇ ਆਪ ਦੇ ਦਾਅਵਿਆਂ ਉੱਪਰ ਕਸਿਆ ਤੰਜ

ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਵਿੱਚ ਘੁੱਟਣ ਹੋਈ ਜੱਗ-ਜ਼ਾਹਿਰ

ਲੁਧਿਆਣਾ, 1 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚ ਮੁੜ ਸੱਤਾ ਵਿੱਚ ਵਾਪਸੀ ਕਰੇਗੀ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਵੜਿੰਗ, ਅੱਜ ਇੱਥੇ ਆਪਣੇ ਸਾਥੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਿਲੇ, ਜੋ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਹਨ ਅਤੇ ਪੀਏਯੂ ਦੇ ਦੌਰੇ ‘ਤੇ ਆਏ ਵਫ਼ਦ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਵੜਿੰਗ ਨੇ ਸਥਾਨਕ ਸੀਨੀਅਰ ਆਗੂਆਂ ਦੇ ਨਾਲ ਪੀਏਯੂ ਕੈਂਪਸ ਵਿੱਚ ਚੰਨੀ ਦਾ ਸਵਾਗਤ ਕੀਤਾ।

ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਉਹ ਖੁਦ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸਾਰੇ ਆਗੂ ਇਕੱਠੇ ਹਨ ਤੇ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਚੰਨੀ ਨੂੰ ਇੱਕ ਵਿਸਥਾਰ ਸਹਿਤ ਮੰਗ ਪੱਤਰ ਸੌਂਪਦਿਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਖੋਜ ਕਾਰਜਾਂ ਵਾਸਤੇ ਯਕਮੁਸ਼ਤ 1000 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਅਤੇ ਇਸ ਤੋਂ ਇਲਾਵਾ, ਹਰ ਸਾਲ 50 ਤੋਂ 60 ਕਰੋੜ ਰੁਪਏ ਦੀ ਨਿਯਮਤ ਗਰਾਂਟ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪੀਏਯੂ ਨੂੰ ਲੰਮੇ ਸਮੇਂ ਤੋਂ ਲੋੜੀਂਦੇ ਫੰਡ ਨਹੀਂ ਮਿਲ ਰਹੇ ਹਨ ਅਤੇ ਕਈ ਵਾਰ ਕਰਮਚਾਰੀਆਂ ਤੇ ਵਿਗਿਆਨੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਿਆਂ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੀਏਯੂ ਦੀ ਅਹਿਮ ਭੂਮਿਕਾ ਰਹੀ ਹੈ, ਕਿਉਂਕਿ ਹਰਿਤ ਕ੍ਰਾਂਤੀ ਦੀ ਸ਼ੁਰੂਆਤ ਇਸੇ ਯੂਨੀਵਰਸਿਟੀ ਤੋਂ ਹੋਈ ਸੀ।

ਨਗਰ ਕੌਂਸਲ ਚੋਣਾਂ ‘ਤੇ ਵੜਿੰਗ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਹਮੇਸ਼ਾ ਸੱਤਾਧਾਰੀ ਪਾਰਟੀ ਇਹ ਚੋਣਾਂ ਜਿੱਤਦੀ ਰਹੀ ਹੈ, ਲੇਕਿਨ ਬਾਅਦ ਵਿੱਚ ਵਿਧਾਨ ਸਭਾ ਚੋਣਾਂ ਹਾਰ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦਰਅਸਲ ਪਹਿਲਾਂ ਦੀਆਂ ਸਰਕਾਰਾਂ ਨਾਲੋਂ ਆਪ ਦਾ ਪ੍ਰਦਰਸ਼ਨ ਕਾਫ਼ੀ ਕਮਜ਼ੋਰ ਰਿਹਾ ਹੈ। ਆਪ ਸਰਕਾਰ ਦੌਰਾਨ ਵਿਰੋਧੀ ਧਿਰ ਦਾ ਪ੍ਰਦਰਸ਼ਨ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਬਾਰੇ ਕਿ ਕਾਂਗਰਸ ਭਾਜਪਾ ਤੋਂ ਵੱਖਰੀ ਹੈ ਕਿਉਂਕਿ ਉਹ ਹਰ ਕਿਸੇ ਨੂੰ ਭਰੋਸੇ ਵਿੱਚ ਲੈਂਦੀ ਹੈ, ਵੜਿੰਗ ਨੇ ਕਿਹਾ ਕਿ ਫਿਰ ਇਨ੍ਹਾਂ ਨੂੰ ਪਾਰਟੀ ਛੱਡਣ ਦੀ ਲੋੜ ਕਿਉਂ ਪਈ ਸੀ? ਉਨ੍ਹਾਂ ਨੇ ਕਿਹਾ ਕਿ ਹੁਣ ਸ਼ਾਇਦ ਇਨ੍ਹਾਂ ਨੂੰ ਅਹਿਸਾਸ ਹੋ ਗਿਆ ਹੋਵੇਗਾ ਕਿ ਕਾਂਗਰਸ ਕਿੰਨੀ ਖੁੱਲ੍ਹੀ ਸੋਚ ਵਾਲੀ ਪਾਰਟੀ ਹੈ ਅਤੇ ਭਾਜਪਾ ਵਿੱਚ ਕਿੰਨਾ ਘੁੱਟਣ ਵਾਲਾ ਮਾਹੌਲ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਪਵਨ ਦੀਵਾਨ, ਸੰਜੇ ਤਲਵਾੜ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

Leave a Reply

Your email address will not be published. Required fields are marked *