
ਨਵੀਂ ਦਿੱਲੀ, 8 ਜੂਨ, 2026:
ਵਿਰੋਧੀ ਧਿਰ ਪਾਰਟੀਆਂ ਦੇ ਸਮੂਹ ‘ਇੰਡੀਆ ਬਲਾਕ’ ਦੇ ਆਗੂ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਇਕ ਅਹਿਮ ਮੀਟਿੰਗ ਕਰ ਰਹੇ ਹਨ। ਗੱਠਜੋੜ ਦੇ ਅੰਦਰ ਵਧ ਰਹੇ ਤਣਾਅ ਦੇ ਵਿਚਕਾਰ ਅਤੇ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਗੱਠਜੋੜ ਦੀ ਇਹ ਪਹਿਲੀ ਵੱਡੀ ਮੀਟਿੰਗ ਹੈ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਤਵਾਰ ਨੂੰ ਕਿਹਾ ਕਿ ਵੱਖ ਵੱਖ 23 ਰਾਜਨੀਤਿਕ ਪਾਰਟੀਆਂ ਨੇ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿੱਚ ਇੰਡੀਆ ਬਲਾਕ ਮੀਟਿੰਗ ਵਿੱਚ ਆਪਣੀ ਸ਼ਮੂਲੀਅਤ ਕਰਨ ਦੀ ਪੁਸ਼ਟੀ ਕੀਤੀ ਹੈ।
ਆਲ ਇੰਡੀਆ ਤ੍ਰਿਣਮੂਲ ਕਾਂਗਰਸ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਾਮੀ ਭਰੀ ਹੈ ਅਤੇ ਪਾਰਟੀ ਸੁਪਰੀਮੋ ਮਮਤਾ ਬੈਨਰਜੀ ਐਤਵਾਰ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਗਏ ਹਨ।
ਸੂਤਰਾਂ ਮੁਤਾਬਕ ਇਸ ਅਹਿਮ ਮੀਟੰਗ ਵਿਚ ਮਮਤਾ ਬੈਨਰਜੀ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ, ਊਧਵ ਠਾਕਰੇ, ਅਖਿਲੇਸ਼ ਯਾਦਵ, ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਸ਼ਾਮਲ ਹੋਣ ਦੀ ਉਮੀਦ ਹੈ। ਹਾਲਾਂ ਕਿ ਮੀਟਿੰਗ ਦੇ ਏਜੰਡੇ ਦਾ ਅਜੇ ਐਲਾਨ ਨਹੀਂ ਕੀਤਾ ਗਿਆ।