Breaking News
Smart Media Dashmesh Insurance Point

ਬਲਬੀਰ ਸਿੱਧੂ ਨੇ ਬਿਜਲੀ ਅਤੇ ਸਿੰਚਾਈ ਸੰਕਟ ਦੇ ਮੁੱਦੇ ‘ਤੇ ਘੇਰੀ ਪੰਜਾਬ ਸਰਕਾਰ

ਕਿਹਾ, ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਤੁਰੰਤ ਹੱਲ ਕਰੇ ਪੰਜਾਬ ਸਰਕਾਰ

ਮੋਹਾਲੀ, 30 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਸਭ ਤੋਂ ਅਹਿਮ ਸਮੇਂ ਦੌਰਾਨ ਨਾ ਤਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫ਼ਸਲ ਸੁੱਕਣ ਦੇ ਕੰਢੇ ‘ਤੇ ਪਹੁੰਚ ਗਈ ਹੈ।

ਸ. ਸਿੱਧੂ ਨੇ ਕਿਹਾ ਕਿ ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ, ਕਿਸਾਨ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸ ਰਹੇ ਹਨ ਅਤੇ ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਕਈ-ਕਈ ਘੰਟਿਆਂ ਦੇ ਅਣਐਲਾਨੇ ਕੱਟ ਲਗਾ ਕੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਗਿਆ ਹੈ, ਜਿਸਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਦਾ ਅੰਨਦਾਤਾ ਭੁਗਤ ਰਿਹਾ ਹੈ ਅਤੇ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ਵਿੱਚ ਜਨਰੇਟਰ ਚਲਾਉਣ ਲਈ ਮਜਬੂਰ ਹਨ। ਡੀਜ਼ਲ ਦੀਆਂ ਮੌਜੂਦਾ ਕੀਮਤਾਂ ਨੂੰ ਦੇਖਦੇ ਹੋਏ ਇੱਕ ਕਿਸਾਨ ਨੂੰ ਹਰ ਰੋਜ਼ ਲਗਭਗ 5,000 ਤੋਂ 7,000 ਰੁਪਏ ਤੱਕ ਦਾ ਵਾਧੂ ਖ਼ਰਚਾ ਆਪਣੀ ਜੇਬ ਵਿੱਚੋਂ ਕਰਨਾ ਪੈ ਰਿਹਾ ਹੈ।

ਸ. ਸਿੱਧੂ ਨੇ ਕਿਹਾ ਕਿ ਇਸ ਨਾਕਾਮ ਸਰਕਾਰ ਦੇ ਰਾਜ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਸ਼ਹਿਰਾਂ ਦੇ ਵਪਾਰੀ, ਦੁਕਾਨਦਾਰ, ਉਦਯੋਗਪਤੀ ਅਤੇ ਆਮ ਨਾਗਰਿਕ ਵੀ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਅੱਤ ਦੀ ਗਰਮੀ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਛੋਟੇ ਕਾਰੋਬਾਰ ਠੱਪ ਪਏ ਹਨ, ਹਸਪਤਾਲਾਂ ਵਿੱਚ ਮਰੀਜ਼ ਪਰੇਸ਼ਾਨ ਹਨ ਅਤੇ ਘਰਾਂ ਵਿੱਚ ਬੱਚੇ, ਔਰਤਾਂ ਅਤੇ ਬਜ਼ੁਰਗ ਬੇਹਾਲ ਹਨ।

ਅੰਤ ਵਿੱਚ ਸ. ਸਿੱਧੂ ਨੇ ਮੰਗ ਕੀਤੀ ਕਿ ਬਿਜਲੀ ਵਿਭਾਗ ਤੁਰੰਤ ਸਾਰੇ ਅਣਐਲਾਨੇ ਬਿਜਲੀ ਕੱਟ ਬੰਦ ਕਰੇ ਅਤੇ ਖੇਤੀਬਾੜੀ ਅਤੇ ਘਰੇਲੂ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਸਥਿਤੀ ਵਿੱਚ ਸੁਧਾਰ ਨਾ ਆਇਆ ਤਾਂ ਪੰਜਾਬ ਕਾਂਗਰਸ ਸੂਬੇ ਭਰ ਵਿੱਚ ਸੜਕਾਂ ‘ਤੇ ਉਤਰੇਗੀ ਅਤੇ ਬਿਜਲੀ ਗਰਿੱਡਾਂ, ਨਹਿਰੀ ਵਿਭਾਗ ਦੇ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦਾ ਘਿਰਾਓ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Leave a Reply

Your email address will not be published. Required fields are marked *