Breaking News
Dashmesh GS Electricals Smart Media Insurance Point Tav Prasad

ਲੋਕ ਮਿਲਣੀ: ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਲੋਕ ਭਲਾਈ ਸਕੀਮਾਂ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੋਈ: ਕੁਲਵੰਤ ਸਿੰਘ

ਐਸ.ਏ.ਐਸ. ਨਗਰ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ ਲਈ ਕਰਵਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਹੋ ਰਹੇ ਖੇਡ ਮੇਲਿਆਂ ਨੂੰ ਹੋਰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਵਿਕਾਸ ਨਾਲ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿਣਗੇ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕਰਨਗੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਵਿੱਤੀ ਸਹਾਇਤਾ ਸਕੀਮ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਰਜਿਸਟਰ ਹੋਏ ਯੋਗ ਲਾਭਪਾਤਰੀਆਂ ਨੂੰ ਇੱਕ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀ 25 ਜੂਨ ਤੋਂ ਬਾਅਦ ਰਜਿਸਟਰ ਹੋਏ ਹਨ, ਉਨ੍ਹਾਂ ਨੂੰ ਅਗਲੇ ਮਹੀਨੇ ਤੋਂ ਲਾਭ ਮਿਲੇਗਾ।

ਵਿਧਾਇਕ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਪਿੰਡ ਪਹਿਲਾਂ ਹੀ ਮੋਹਾਲੀ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਜਾ ਚੁੱਕੇ ਹਨ, ਜਦਕਿ ਹੋਰ ਪਿੰਡਾਂ ਵਿੱਚ ਵੀ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਕਿਸੇ ਵੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਲੋਕਾਂ ਦੀ ਭਾਗੀਦਾਰੀ ਘੱਟ ਹੋ ਜਾਂਦੀ ਹੈ, ਪਰ ਪਿੰਡ ਦਾਊਂ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ ‘ਤੇ ਭਰੋਸਾ ਜਤਾਉਂਦੇ ਹਨ।ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਗਲਾ ਪੰਜਾਬ ਮੁਹਿੰਮ ਤਹਿਤ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ, ਪ੍ਰਾਇਮਰੀ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 1 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ 45.53 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨਿਰਮਾਣ ਜਾਰੀ ਹੈ, ਜਦਕਿ 50 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ, ਜਿਸ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜ ਲੋੜਵੰਦ ਪਰਿਵਾਰਾਂ ਨੂੰ ਜਲਦੀ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।ਫੋਟੋ ਕੈਪਸ਼ਨ:ਵਿਧਾਇਕ ਕੁਲਵੰਤ ਸਿੰਘ ਪਿੰਡ ਦਾਊਂ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂਬਰੂ ਹੁੰਦੇ ਹੋਏ।

Leave a Reply

Your email address will not be published. Required fields are marked *