
ਅਸੀਂ 69 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਸਰਕਾਰੀ ਨੌਕਰੀਆਂ
ਕਿਹਾ, ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੇ ਰਾਹ ਤੁਰੀ
ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਕੀਤਾ ਰੱਦ
ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਸਰਕਾਰੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਕਰੀਬ 69 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਸੰਸਦ ਦੌਰੇ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਪੇਪਰ ਲੀਕ ਦੇ ਦੋਸ਼ ਲਗਾ ਕੇ ਸੂਬੇ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਹੈ।ਮੁੱਖ ਮੰਤਰੀ ਨੇ ਹਾਲ ਹੀ ਵਿੱਚ ਹੋਈ ਫਾਰਮੇਸੀ ਭਰਤੀ ਪ੍ਰੀਖਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪੇਪਰ ਲੀਕ ਨਹੀਂ, ਸਗੋਂ ਨਕਲ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਕੁਝ ਹੀ ਮਿੰਟਾਂ ਬਾਅਦ ਇੱਕ ਉਮੀਦਵਾਰ ਵੱਲੋਂ ਬਲੂਟੁੱਥ ਪੈਨ ਅਤੇ ਈਅਰਪੀਸ ਦੀ ਮਦਦ ਨਾਲ ਬਾਹਰ ਬੈਠੇ ਲੋਕਾਂ ਤੋਂ ਉੱਤਰ ਪ੍ਰਾਪਤ ਕਰਨ ਦੀ ਕੋਸ਼ਿਸ਼ ਦਾ ਪਰਦਾਫ਼ਾਸ਼ ਹੋ ਗਿਆ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗਿਰੋਹ ਨਾਲ ਜੁੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪ੍ਰੀਖਿਆ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋਈ।
ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਰੱਦ ਕਰਦਿਆਂ ਮਾਨ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਸਿੱਖਿਆ ਨਹੀਂ, ਸਿਹਤ ਵਿਭਾਗ ਅਧੀਨ ਕਰਵਾਈ ਗਈ ਸੀ ਅਤੇ ਸਿਹਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਰਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਭ੍ਰਿਸ਼ਟਾਚਾਰ-ਮੁਕਤ ਬਣਾਇਆ ਗਿਆ ਹੈ।
ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਲੋਕਾਂ ਦੇ ਅਸਲ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਮਿਹਨਤੀ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਵਚਨਬੱਧ ਹੈ।