
ਪ੍ਰਦਰਸ਼ਨਕਾਰੀਆਂ ਨੇ ਰੋਹ ਵਿਚ ਆ ਕੇ ਬੈਰੀਕੇਡ ਤੋੜੇ
ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਭੀੜ ਨੂੰ ਰੋਕਿਆ
ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ :
ਬੰਦੀ ਸਿੰਘਾਂ ਦੀ ਰਿਹਾਈ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਕੀਤੇ ਗਏ ਰੋਸ ਮਾਰਚ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ’ਤੇ ਹੀ ਰੋਕ ਲਿਆ।
ਇਸ ਦੌਰਾਨ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਧੱਕਾ-ਮੁੱਕੀ ਵਿੱਚ ਬਦਲ ਗਈ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ। ਹਾਲਾਤ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਰਾਹੀਂ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਅਤੇ ਭੀੜ ਨੂੰ ਪਿੱਛੇ ਧੱਕਣ ਦਾ ਯਤਨ ਕੀਤਾ। ਇਸ ਦੌਰਾਨ ਹਲਕਾ ਲਾਠੀਚਾਰਜ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ। ਹੰਗਾਮੇ ਦੇ ਬਾਵਜੂਦ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਚੰਡੀਗੜ੍ਹ ਵੱਲ ਵਧਣ ਵਿੱਚ ਸਫ਼ਲ ਰਹੇ, ਜਿਸ ਕਾਰਨ ਕੁਝ ਸਮੇਂ ਲਈ ਇਲਾਕੇ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣਿਆ ਰਿਹਾ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਈ ਦੀ ਮੰਗ ਵੀ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਉਲੇਖਯੋਗ ਹੈ ਕਿ ਇਸ ਰੋਸ ਮਾਰਚ ਦਾ ਸੱਦਾ ਪਹਿਲਾਂ ਹੀ ਦਿੱਤਾ ਗਿਆ ਸੀ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਮਰਥਕ ਮੋਹਾਲੀ ਪਹੁੰਚੇ। ਸੰਭਾਵਿਤ ਤਣਾਅ ਦੇ ਮੱਦੇਨਜ਼ਰ ਪੁਲਿਸ ਨੇ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਬੈਰੀਕੇਡ ਲਗਾਏ ਹੋਏ ਸਨ। ਖ਼ਬਰ ਲਿਖੇ ਜਾਣ ਤੱਕ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ ਅਤੇ ਪੁਲਿਸ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਧਰ, ਰੋਸ ਮਾਰਚ ਕਾਰਨ ਚੰਡੀਗੜ੍ਹ, ਮੋਹਾਲੀ ਅਤੇ ਖਰੜ ਸਮੇਤ ਕਈ ਮੁੱਖ ਸੜਕਾਂ ’ਤੇ ਲੰਬੇ ਟਰੈਫਿਕ ਜਾਮ ਲੱਗ ਗਏ, ਜਿਸ ਨਾਲ ਦਫ਼ਤਰਾਂ, ਸਕੂਲਾਂ ਅਤੇ ਹੋਰ ਕੰਮਾਂ ਲਈ ਨਿਕਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।