Breaking News
Smart Media Dashmesh Insurance Point

ਲੋਕ ਸਭਾ ਵਿੱਚ ਐਂਟੀ ਪੇਪਰ ਲੀਕ ਸੋਧ ਬਿੱਲ ਨੂੰ ਮਨਜ਼ੂਰੀ

ਦੋਸ਼ੀ ਨੂੰ 10 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁ: ਤੱਕ ਹੋ ਸਕਦਾ ਜੁਰਮਾਨਾ

ਨਵੀਂ ਦਿੱਲੀ/ਚੰਡੀਗੜ੍ਹ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ : 

ਲੋਕ ਸਭਾ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦਰਮਿਆਨ ਪਬਲਿਕ ਐਗਜ਼ਾਮੀਨੇਸ਼ਨ (ਅਣਉਚਿਤ ਤਰੀਕਿਆਂ ਦੀ ਰੋਕਥਾਮ) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਸ ਸੋਧ ਰਾਹੀਂ ਪ੍ਰੀਖਿਆ ਪੇਪਰ ਲੀਕ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਲਈ ਸਜ਼ਾਵਾਂ ਹੋਰ ਸਖ਼ਤ ਕਰ ਦਿੱਤੀਆਂ ਗਈਆਂ ਹਨ। ਨਵੇਂ ਪ੍ਰਬੰਧਾਂ ਅਨੁਸਾਰ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਇਹ ਬਿੱਲ 27 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਸੀ। ਇਹ ਕਦਮ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੋਏ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਚੁੱਕਿਆ ਗਿਆ।

ਬਿੱਲ ‘ਤੇ ਚਰਚਾ ਦੌਰਾਨ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਅਤੇ 2024 ਵਿੱਚ ਐਂਟੀ ਪੇਪਰ ਲੀਕ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਤੱਕ 52 ਐੱਫਆਈਆਰਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸੋਧ ਸਰਕਾਰ ਦੀ ਇਸ ਸੋਚ ਨੂੰ ਦਰਸਾਉਂਦੀ ਹੈ ਕਿ ਤਜਰਬਿਆਂ ਤੋਂ ਸਿੱਖਦੇ ਹੋਏ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੇਪਰ ਲੀਕ ਨਾਲ ਜੁੜੀਆਂ ਘਟਨਾਵਾਂ ਕਾਰਨ ਖੁਦਕੁਸ਼ੀਆਂ ਦੀ ਦਰ ਵਿੱਚ ਵੀ ਪਿਛਲੇ ਕੁਝ ਸਾਲਾਂ ਦੌਰਾਨ ਕਮੀ ਆਈ ਹੈ।

ਚਰਚਾ ਦੌਰਾਨ ਜਿਤੇਂਦਰ ਸਿੰਘ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸੰਸਦੀ ਪ੍ਰਕਿਰਿਆ ਅਤੇ ਸਰਕਾਰੀ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਬਿੱਲ ਪਾਸ ਹੋਣ ਤੋਂ ਤੁਰੰਤ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

Leave a Reply

Your email address will not be published. Required fields are marked *