Breaking News
Smart Media Dashmesh GS Electricals Smart Media Insurance Point Tav Prasad

DC ਕੋਮਲ ਮਿੱਤਲ ਅਤੇ SSP ਹਰਮਨਦੀਪ ਸਿੰਘ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼

ਮੋਹਾਲੀ, 13 ਅਗਸਤ, ਪੰਜਾਬੀ ਦੁਨੀਆ ਬਿਊਰੋ: 

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਨਾਲ ਸਬੰਧਤ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਬੰਧਾਂ ਵਿੱਚ ਰਹਿ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰੇਕ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਆਜ਼ਾਦੀ ਦਿਵਸ ਸਮਾਗਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕੇ।

ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਈਸ਼ਾਨ ਸਿੰਗਲਾ ਨੇ ਕੀਤੀ। ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ, ਅਨੁਸ਼ਾਸਨ ਅਤੇ ਸੱਭਿਆਚਾਰਕ ਵਿਰਾਸਤ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ.ਪੀ.ਜੇ. ਸਕੂਲ ਮੁੰਡੀ ਖਰੜ, ਐਨ.ਪੀ.ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚਿਆਂ ਨੇ ਹਿੱਸਾ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨਸੀਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੀ ਪੁਲਿਸ ਤਾਇਨਾਤੀ ਯਕੀਨੀ ਬਣਾਉਣ ਲਈ ਕਿਹਾ।

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ 15 ਅਗਸਤ ਨੂੰ ਇਸੇ ਸਥਾਨ ’ਤੇ ਹੋਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣਗੇ।

Leave a Reply

Your email address will not be published. Required fields are marked *