
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ 29 ਨਵੰਬਰ ਤੱਕ ਚੱਲੇਗਾ
ਕਰੀਬ 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦਾ ਟੀਚਾ
ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਛੁਪੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇਸ ਵਾਰ ਖੇਡ ਮੇਲੇ ਵਿੱਚ 10 ਲੱਖ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਖੇਡਾਂ ਦਾ ਉਦਘਾਟਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 2026 ਦਾ ਇਹ ਐਡੀਸ਼ਨ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਹੈ। ਖੇਡ ਵਿਭਾਗ ਦੇ ਪੋਰਟਲ ਰਾਹੀਂ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਖੇਡਾਂ ਨੂੰ ਅਹਿਮ ਹਥਿਆਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚੋਂ ਖੇਡ ਪ੍ਰਤਿਭਾ ਲੱਭਣ ਅਤੇ ਉਸ ਨੂੰ ਅੱਗੇ ਵਧਾਉਣ ਦਾ ਵੱਡਾ ਮੰਚ ਬਣ ਚੁੱਕੀਆਂ ਹਨ।
ਇਸ ਸਾਲ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਪੈਰਾ ਖੇਡਾਂ—ਅਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ।
ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਅਤੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਈਆਂ ਜਾਣਗੀਆਂ। ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ—ਲੁਧਿਆਣਾ, ਮਾਨਸਾ, ਕਪੂਰਥਲਾ, ਜਲੰਧਰ, ਐਸ.ਏ.ਐਸ. ਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਰੂਪਨਗਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮਾਲੇਰਕੋਟਲਾ—ਵਿੱਚ ਹੋਣਗੇ।
ਪਹਿਲਾ ਗੇੜ 10 ਤੋਂ 15 ਅਕਤੂਬਰ ਤੱਕ ਹੋਵੇਗਾ, ਜਿਸ ਵਿੱਚ 13 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ। ਦੂਜਾ ਗੇੜ 17 ਤੋਂ 23 ਅਕਤੂਬਰ ਤੱਕ ਅਤੇ ਤੀਜਾ ਗੇੜ 17 ਤੋਂ 23 ਨਵੰਬਰ ਤੱਕ ਹੋਵੇਗਾ। ਇਨ੍ਹਾਂ ਦੋਵਾਂ ਗੇੜਾਂ ਵਿੱਚ ਕ੍ਰਮਵਾਰ 13 ਅਤੇ 12 ਖੇਡ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ’ਤੇ ਸੋਨ ਤਮਗਾ ਜੇਤੂ ਨੂੰ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜੇਤੂ ਨੂੰ 7 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਨੂੰ 5 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲ 2022 ਤੋਂ ਬਾਅਦ 40,415 ਖਿਡਾਰੀਆਂ ਨੂੰ ਕੁੱਲ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਖਿਡਾਰੀਆਂ ਨੂੰ ਵੱਡੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਨਾਮ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐਸ./ਡੀ.ਐਸ.ਪੀ. ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੁਕਾਬਲੇ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ।
ਮੁੱਖ ਮੰਤਰੀ ਨੇ ਪੰਜਾਬ ਦੇ ਖੇਡ ਸੱਭਿਆਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਕਾਰਾਤਮਕ ਦਿਸ਼ਾ ਦੇ ਕੇ ਸੂਬੇ ਨੂੰ ਮੁੜ ਦੇਸ਼ ਦੇ ਮੋਹਰੀ ਖੇਡ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ।
ਇਸੇ ਤਹਿਤ 12 ਅਗਸਤ ਤੋਂ ਸ਼ੁਰੂ ਹੋਇਆ ਮਸ਼ਾਲ ਮਾਰਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੋਇਆ 5 ਸਤੰਬਰ ਨੂੰ ਬਠਿੰਡਾ ਪਹੁੰਚੇਗਾ। ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।