Breaking News
Smart Media Dashmesh Mohali Walk Smart Media Insurance Point Hardev Singh Ubha

ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਤਨਖਾਹ ’ਚ 120 ਫੀਸਦੀ ਤੋਂ ਵੱਧ ਵਾਧਾ

ਲਗਭਗ 1100 ਅਧਿਆਪਕਾਂ ਨੂੰ ਮਿਲੇਗਾ ਲਾਭ, ਮਹੀਨਾਵਾਰ ਤਨਖਾਹ 10 ਹਜ਼ਾਰ ਤੋਂ ਵਧ ਕੇ 22 ਹਜ਼ਾਰ ਰੁਪਏ ਤੋਂ ਵੱਧ ਹੋਵੇਗੀ

ਚੰਡੀਗੜ੍ਹ, 25 ਅਗਸਤ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਲਗਭਗ 1100 ਅਧਿਆਪਕਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਵਾਧੇ ਤੋਂ ਬਾਅਦ ਅਧਿਆਪਕਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ।

ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਮਾਣ-ਸਤਿਕਾਰ ਦੇ ਨਾਲ-ਨਾਲ ਯੋਗ ਤਨਖਾਹ ਦੇ ਵੀ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ ਲਗਭਗ ਦੋ ਦਹਾਕਿਆਂ ਤੋਂ ਘੱਟ ਤਨਖਾਹ ’ਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਸਰਕਾਰ ਨੇ ਤਨਖਾਹ ਵਿੱਚ ਵੱਡਾ ਵਾਧਾ ਕਰਕੇ ਉਨ੍ਹਾਂ ਨਾਲ ਹੋ ਰਹੇ ਲੰਬੇ ਸਮੇਂ ਦੇ ਅਨਿਆਂ ਨੂੰ ਦੂਰ ਕਰਨ ਦਾ ਯਤਨ ਕੀਤਾ ਹੈ।

ਮਾਨ ਨੇ ਕਿਹਾ ਕਿ ਵਧੀ ਹੋਈ ਤਨਖਾਹ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਨੂੰ ਕੇਂਦਰੀ ਵਿਦਿਆਲਿਆ ਸਕੂਲਾਂ ਦੀ ਤਰਜ਼ ’ਤੇ ਵੱਖ-ਵੱਖ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਵੀ ਸੁਧਾਰ ਹੋਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਆਦਰਸ਼ ਸਕੂਲਾਂ ਵਿੱਚ ਇਸ ਸਮੇਂ 15,000 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸੁਰੱਖਿਅਤ ਅਤੇ ਸਤਿਕਾਰਤ ਮਾਹੌਲ ਮਿਲਣ ਨਾਲ ਵਿਦਿਆਰਥੀਆਂ ਨੂੰ ਵੀ ਬਿਹਤਰ ਸਿੱਖਿਆ ਮਿਲੇਗੀ। ਸਰਕਾਰ ਦੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।

ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *