
ਚੰਡੀਗੜ੍ਹ, 27 ਅਗਸਤ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਵਿਭਾਗਾਂ ਤੋਂ ਅਜਿਹੇ ਕਰਮਚਾਰੀਆਂ ਦਾ ਵੇਰਵਾ ਮੰਗਿਆ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ’ਤੇ ਹਾਜ਼ਰ ਨਾ ਹੋਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਇਸ ਸਬੰਧੀ ਲੋਕਾਂ ਵੱਲੋਂ ਸ਼ਿਕਾਇਤਾਂ ਵੀ ਪ੍ਰਾਪਤ ਹੋ ਰਹੀਆਂ ਹਨ।
ਸਰਕਾਰ ਨੇ ਸਾਰੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਅਤੇ ਇਹ ਵੇਰਵਾ 27 ਅਗਸਤ ਦੇ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜਣ।
ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਵਿਰੁੱਧ ਲਾਗੂ ਸੇਵਾ ਨਿਯਮਾਂ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਫ਼ੈਸਲੇ ਨੂੰ ਹੜਤਾਲ ਦੌਰਾਨ ਦਫ਼ਤਰੀ ਕੰਮਕਾਜ ਅਤੇ ਸਰਕਾਰੀ ਸੇਵਾਵਾਂ ਨੂੰ ਸੁਚਾਰੂ ਰੱਖਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।