Breaking News
Smart Media Dashmesh Mohali Walk Smart Media Insurance Point Hardev Singh Ubha

ਬੰਦੀ ਸਿੰਘਾਂ ਦੀ ਰਿਹਾਈ ਲਈ ਗੁ: ਅੰਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਾਲਾਂ ਤੋਂ ਜੇਲ੍ਹਾਂ ’ਚ ਬੰਦ ਸਿੰਘਾਂ ਨਾਲ ਹੋ ਰਿਹਾ ਵਿਤਕਰਾ ਬੰਦ ਕਰੇ ਸਰਕਾਰ : ਲਾਡਰਾਂ, ਸੋਹਾਣਾ

ਮੋਹਾਲੀ, 29 ਅਗਸਤ, ਪੰਜਾਬੀ ਦੁਨੀਆ ਬਿਊਰੋ :

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਪਾਤਸ਼ਾਹੀ ਸੱਤਵੀਂ, ਮੋਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਅੱਜ ਸਵੇਰੇ 10 ਵਜੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਵਜੋਂ ਜਾਣੇ ਜਾਂਦੇ ਕਈ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਕੈਦੀ ਕਾਨੂੰਨ ਅਨੁਸਾਰ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸ ਨੂੰ ਸਿਰਫ਼ ਉਸ ਦੀ ਧਾਰਮਿਕ ਜਾਂ ਸਿਆਸੀ ਪਛਾਣ ਦੇ ਆਧਾਰ ’ਤੇ ਲੰਮੇ ਸਮੇਂ ਤੱਕ ਜੇਲ੍ਹ ਵਿੱਚ ਰੱਖਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸੋਹਾਣਾ ਨੇ ਕਿਹਾ ਕਿ ਕਈ ਬੰਦੀ ਸਿੰਘ 20, 25 ਅਤੇ 30 ਸਾਲ ਤੱਕ ਜੇਲ੍ਹਾਂ ਵਿੱਚ ਰਹਿ ਚੁੱਕੇ ਹਨ ਅਤੇ ਕੁਝ ਮਾਮਲਿਆਂ ਵਿੱਚ ਉਮਰ ਕੈਦ ਤੋਂ ਵੀ ਵੱਧ ਸਮਾਂ ਜੇਲ੍ਹ ਕੱਟਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵੀ ਪਹਿਲਾਂ ਇਹ ਮਾਮਲਾ ਸਰਕਾਰਾਂ ਅਤੇ ਰਾਸ਼ਟਰਪਤੀ ਤੱਕ ਪਹੁੰਚਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਅਨੁਸਾਰ 26 ਲੱਖ ਲੋਕਾਂ ਦੀ ਦਸਤਖ਼ਤੀ ਮੁਹਿੰਮ ਰਾਹੀਂ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਗੰਭੀਰ ਅਪਰਾਧਾਂ ਵਿੱਚ ਸਜ਼ਾਵਾਂ ਭੁਗਤ ਰਹੇ ਕਈ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਮਿਲ ਜਾਂਦੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘਾਂ ਨੂੰ ਸਾਲਾਂ ਤੋਂ ਰਿਹਾਈ ਅਤੇ ਕਈ ਵਾਰ ਪੈਰੋਲ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਦੋਹਰੇ ਮਾਪਦੰਡ ਨੂੰ ਖਤਮ ਕਰਨ ਦੀ ਲੋੜ ਹੈ। ਬੰਦੀ ਸਿੰਘਾਂ ਦੇ ਮਾਮਲੇ ਵਿੱਚ ਵੀ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਅਨੁਸਾਰ ਨਿਰਪੱਖ ਫੈਸਲਾ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਦੇ ਦੋਹਰੇ ਮਾਪਦੰਡਾਂ ਬਾਰੇ ਹਾਲ ਹੀ ਵਿੱਚ ਸਿੱਖ ਆਗੂਆਂ ਵੱਲੋਂ ਵੀ ਸਵਾਲ ਉਠਾਏ ਗਏ ਹਨ।

ਬੀਬੀ ਪਰਮਜੀਤ ਕੋਰ ਲਾਡਰਾਂ ਮੈਬਰ ਐਸ ਜੀ ਪੀ ਸੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਫੌਰੀ ਤੌਰ ’ਤੇ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਲੰਮੇ ਸਮੇਂ ਤੋਂ ਚੱਲ ਰਹੇ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਸਰਕਾਰਾਂ ਨੂੰ ਇਸ ਮਸਲੇ ਨੂੰ ਹੋਰ ਲਟਕਾਉਣ ਦੀ ਬਜਾਏ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਜਲਦ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ।

ਇਸ ਮੌਕੇ ਬੀਬੀ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮਜੀਤ ਸਿੰਘ ਬਬਰਾ, ਸੁਰਜੀਤ ਸਿੰਘ ਮਠਾਰੂ, ਕੇਸਰ ਸਿੰਘ ਬਲੌਂਗੀ, ਪਰਮਜੀਤ ਸਿੰਘ ਐਮ.ਸੀ., ਸਤਬੀਰ ਸਿੰਘ, ਸਰਬਜੀਤ ਸਿੰਘ ਪਾਰਸ, ਮਨਮੋਹਨ ਸਿੰਘ ਕਾਹਲੋਂ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਸਰਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 27 ਅਗਸਤ ਤੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਗਏ। ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ ਹੈ।

Leave a Reply

Your email address will not be published. Required fields are marked *