
ਕਿਹਾ, ਡੀਏ ਬਕਾਏ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਮੁਲਾਜ਼ਮਾਂ ਦਾ ਹੱਕ; ਕਾਂਗਰਸ ਇਨਸਾਫ਼ ਮਿਲਣ ਤੱਕ ਸੰਘਰਸ਼ ’ਚ ਡਟੀ ਰਹੇਗੀ
ਚੰਡੀਗੜ੍ਹ, 30 ਅਗਸਤ, ਮਨਜੀਤ ਸਿੰਘ ਚਾਨਾ :
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਬਕਾਇਆ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਲਾਜ਼ਮਾਂ ਨਾਲ ਟਕਰਾਅ ਤੋਂ ਬਚਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਰਹੇਗੀ।
ਆਪਣੇ ਲਾਈਵ ਪ੍ਰੋਗਰਾਮ ‘ਵੜਿੰਗ ਵਿਦ ਵਾਰੀਅਰਜ਼’ ਦੇ ਚੌਥੇ ਸੈਸ਼ਨ ਦੌਰਾਨ ਵੜਿੰਗ ਨੇ ਕਿਹਾ ਕਿ ਡੀਏ ਦੇ ਬਕਾਏ ਅਤੇ ਓਪੀਐੱਸ ਦੀ ਬਹਾਲੀ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਤੋਂ ਕੋਈ ਵਿਸ਼ੇਸ਼ ਰਿਆਇਤ ਨਹੀਂ, ਸਗੋਂ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇ ਸਰਕਾਰ ਦੀ ਓਪੀਐੱਸ ਲਾਗੂ ਕਰਨ ਦੀ ਮਨਸ਼ਾ ਨਹੀਂ ਸੀ ਤਾਂ ਇਸ ਸਬੰਧੀ ਨੋਟੀਫਿਕੇਸ਼ਨ ਕਿਉਂ ਜਾਰੀ ਕੀਤਾ ਗਿਆ।ਵੜਿੰਗ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਨੂੰ ਕਾਰਵਾਈ ਦੀਆਂ ਧਮਕੀਆਂ ਦੇ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮਾਨ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਨਾਲ ਟਕਰਾਅ ਸਰਕਾਰ ਲਈ ਸਿਆਸੀ ਤੌਰ ’ਤੇ ਭਾਰੀ ਪੈ ਸਕਦਾ ਹੈ। ਉਨ੍ਹਾਂ ਕਿਹਾ, “ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਕਾਰਵਾਈ ਕਰੋ ਅਤੇ ਲਿਖਤੀ ਰੂਪ ਵਿੱਚ ਕਰੋ—ਤੁਸੀਂ ਆਪਣੀ ਸਰਕਾਰ ਛੇ ਮਹੀਨੇ ਪਹਿਲਾਂ ਹੀ ਗੁਆ ਬੈਠੋਗੇ।”
ਵੜਿੰਗ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਬਕਾਏ ਲਈ ਪੈਸਾ ਨਾ ਹੋਣ ਦੇ ਦਾਅਵੇ ’ਤੇ ਸਵਾਲ ਚੁੱਕਦਿਆਂ ਇਸ਼ਤਿਹਾਰਾਂ ’ਤੇ ਕਥਿਤ ਤੌਰ ’ਤੇ ਕਰੀਬ 1,000 ਕਰੋੜ ਰੁਪਏ ਖਰਚ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਨਾਲ ਸਬੰਧਤ ਬਕਾਏ ਅਤੇ ਲਾਭਾਂ ਲਈ ਲਗਭਗ 14,000 ਕਰੋੜ ਰੁਪਏ ਦੀ ਲੋੜ ਹੈ। ਉਨ੍ਹਾਂ 25,000 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਲਈ ਸਲਾਹਕਾਰਾਂ ਨੂੰ 341 ਕਰੋੜ ਰੁਪਏ ਅਦਾ ਕਰਨ ਦੇ ਮਾਮਲੇ ਦੀ ਵੀ ਆਲੋਚਨਾ ਕੀਤੀ।
ਵੜਿੰਗ ਨੇ ਦੋਸ਼ ਲਾਇਆ ਕਿ 2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਸਮੇਂ ਪੰਜਾਬ ਦਾ ਬਕਾਇਆ ਕਰਜ਼ਾ ਕਰੀਬ 2.85 ਲੱਖ ਕਰੋੜ ਰੁਪਏ ਸੀ, ਜੋ ਹੁਣ ਲਗਭਗ 4.48 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ ਵਿੱਤੀ ਕਾਰਗੁਜ਼ਾਰੀ ਦਾ ਹਿਸਾਬ ਮੰਗਿਆ।
ਕਾਂਗਰਸ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਵਿੱਚ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪਾਰਟੀ ਦਾ ਟੀਚਾ ਮਾਨ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਸੂਬੇ ਵਿੱਚ ਸਥਿਰ ਸਰਕਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤਾਂ ਵਿੱਚ ਵੀ ਕਾਂਗਰਸ ਵਰਕਰਾਂ ਨੇ ਇਤਿਹਾਸਕ ਤੌਰ ’ਤੇ ਸੰਘਰਸ਼ ਕੀਤਾ ਹੈ।
ਵੜਿੰਗ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿਆਸੀ ਦਬਾਅ ਦੇ ਬਾਵਜੂਦ ਲੜਾਈ ਜਾਰੀ ਰੱਖ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ ਨੂੰ “ਭਾਰਤ ਦੀ ਨਵੀਂ ਉਮੀਦ” ਅਤੇ “ਪੰਜਾਬ ਦੀ ਨਵੀਂ ਉਮੀਦ” ਕਰਾਰ ਦਿੰਦਿਆਂ ਕਾਂਗਰਸ ਵਰਕਰਾਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।