Breaking News
Smart Media Dashmesh Insurance Point

ਪਿੰਡ ਸੰਭਾਲਕੀ ’ਚ ਕਾਂਗਰਸ ਨੂੰ ਵੱਡਾ ਹੁੰਗਾਰਾ, ਦਰਜਨਾਂ ਨੌਜਵਾਨ ਪਾਰਟੀ ’ਚ ਸ਼ਾਮਲ

ਮੋਹਾਲੀ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਮੇਅਰ ਮੋਹਾਲੀ ਸ. ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਸ. ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ, ਲੋਕਤਾਂਤਰਿਕ ਸੋਚ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਨੌਜਵਾਨਾਂ ਦਾ ਸਵਾਗਤ ਕਰਦਿਆਂ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕੰਵਰਬੀਰ ਸਿੰਘ ਰੂਬੀ ਸਿੱਧੂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਪੰਜਾਬ ਦਾ ਨੌਜਵਾਨ ਰੁਜ਼ਗਾਰ, ਚੰਗੀ ਸਿੱਖਿਆ, ਖੇਡਾਂ ਦੇ ਵਧੇਰੇ ਮੌਕੇ ਅਤੇ ਨਸ਼ਿਆਂ ਤੋਂ ਮੁਕਤ ਭਵਿੱਖ ਚਾਹੁੰਦਾ ਹੈ, ਜਿਸ ਲਈ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੀ ਹੈ।

ਰੂਬੀ ਸਿੱਧੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਾ ਅੱਜ ਪੰਜਾਬ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਉਜੜ ਰਹੇ ਹਨ ਅਤੇ ਸਰਕਾਰ ਨੂੰ ਸਿਰਫ਼ ਦਾਅਵਿਆਂ ਦੀ ਬਜਾਏ ਨਸ਼ੇ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਠੋਸ ਅਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਪਿੰਡ ਪੱਧਰ ’ਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਆਗੂਆਂ ਨੇ ਕਿਹਾ ਕਿ ਪਾਰਟੀ ਦਾ ਸੰਗਠਨ ਮਿਹਨਤੀ ਵਰਕਰਾਂ ਅਤੇ ਨੌਜਵਾਨਾਂ ਦੀ ਤਾਕਤ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਯੂਥ ਕਾਂਗਰਸ ਹਲਕਾ ਮੋਹਾਲੀ ਦੇ ਪ੍ਰਧਾਨ ਸ੍ਰੀ ਮੁਕੁਲ ਸ਼ਰਮਾ ਵੀ ਹਾਜ਼ਰ ਸਨ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਸ਼ੁਲ ਪਲਵਾਨ, ਗੁਰਸੇਵਕ ਸਿੰਘ, ਯਸ਼ਪਾਲ, ਸੰਦੀਪ ਸਿੰਘ, ਮੰਗਾ ਮਨੌਲੀ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਕ੍ਰਿਸ਼ਨ ਚੰਦ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਗੁਰੀ, ਸ਼ਿਵਾ ਮਨੌਲੀ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਿੱਲਾ, ਸਿਮੂ ਅਤੇ ਹਰਸ਼ ਸਮੇਤ ਹੋਰ ਨੌਜਵਾਨ ਸ਼ਾਮਲ ਸਨ।

Leave a Reply

Your email address will not be published. Required fields are marked *