
ਸਾਗਰ, 7 ਸਤੰਬਰ (ਪੰਜਾਬੀ ਦੁਨੀਆ ਬਿਊਰੋ):
ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਵਾਪਰੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਸੋਮਵਾਰ ਤੜਕੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ 25 ਤੋਂ 30 ਲੋਕ ਅਜੇ ਵੀ ਡਾਕਟਰੀ ਨਿਗਰਾਨੀ ਹੇਠ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ 30 ਮੁਲਜ਼ਮਾਂ ਵਿੱਚੋਂ 14 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਗਰ ਰੇਂਜ ਦੇ ਡੀਆਈਜੀ ਸ਼ਸ਼ਿੰਦਰ ਚੌਹਾਨ ਨੇ ਦੱਸਿਆ ਕਿ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਤਿੰਨ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਘਟਨਾ ਵਿੱਚ 54 ਲੋਕ ਬਿਮਾਰ ਹੋਏ ਸਨ ਅਤੇ ਕਈਆਂ ਨੇ ਧੁੰਦਲਾ ਦਿਖਾਈ ਦੇਣ ਤੇ ਚੱਕਰ ਆਉਣ ਦੀ ਸ਼ਿਕਾਇਤ ਕੀਤੀ।