
‘ਆਪ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾ ਕੇ ਰੱਖਿਆ’
ਮੋਹਾਲੀ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਡੀਏ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਹੋਰ ਮੰਗਾਂ ਦਾ ਹੱਲ ਨਾ ਕੀਤੇ ਜਾਣ ’ਤੇ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀਏ ਸਮੇਤ ਮੁਲਾਜ਼ਮਾਂ ਦੇ ਬਣਦੇ ਸਾਰੇ ਬਕਾਏ ਅਦਾ ਕਰਨ ਲਈ ਠੋਸ ਅਤੇ ਸਮਾਂਬੱਧ ਕਦਮ ਚੁੱਕੇ ਜਾਣਗੇ।
ਜੀਤੀ ਸਿੱਧੂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਸਰਕਾਰੀ ਵਿਭਾਗਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਅਤੇ ਵਿੱਤੀ ਲਾਭਾਂ ਲਈ ਲੰਬੇ ਸਮੇਂ ਤੱਕ ਸੰਘਰਸ਼ ਕਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਡੀਏ ਦੀਆਂ ਲੰਬਿਤ ਕਿਸ਼ਤਾਂ ਅਤੇ ਬਕਾਏ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਤਨਖ਼ਾਹ ਸਕੇਲਾਂ ਨਾਲ ਸਬੰਧਤ ਮਸਲੇ ਹੱਲ ਕਰਨ ਅਤੇ ਹੋਰ ਸੇਵਾ ਲਾਭ ਬਹਾਲ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਮੂਹਿਕ ਛੁੱਟੀ ਅਤੇ ਪੈੱਨ-ਡਾਊਨ ਹੜਤਾਲ ਵਰਗੇ ਕਦਮ ਚੁੱਕਣੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਟਕਰਾਅ ਕਿਸੇ ਦੇ ਹਿੱਤ ਵਿੱਚ ਨਹੀਂ ਹੈ ਅਤੇ ਸਰਕਾਰੀ ਦਫ਼ਤਰਾਂ ਦਾ ਕੰਮ ਪ੍ਰਭਾਵਿਤ ਹੋਣ ਨਾਲ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਜ਼ੋਰ ਦਿੱਤਾ ਕਿ ਕਾਂਗਰਸ ਮੁਲਾਜ਼ਮਾਂ ਦੇ ਹੱਕਾਂ ਨਾਲ ਖੜ੍ਹੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਡੀਏ, ਤਨਖ਼ਾਹਾਂ, ਪੈਨਸ਼ਨ ਅਤੇ ਹੋਰ ਸੇਵਾ ਲਾਭਾਂ ਨਾਲ ਜੁੜੇ ਲੰਬਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।