
ਮੋਹਾਲੀ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸੰਚਾਲਤ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ 8 ਸਤੰਬਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਨਾਲ ਕਈ ਗਾਰੰਟੀਆਂ ਕੀਤੀਆਂ ਗਈਆਂ ਸਨ, ਪਰ ਇਨ੍ਹਾਂ ਵਿੱਚੋਂ ਬਹੁਤੀਆਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਮਿੱਡ-ਡੇ ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ-ਭੱਤਾ ਹਰਿਆਣਾ ਪੈਟਰਨ ’ਤੇ ਵਧਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ ਅਤੇ ਤਿੰਨ ਸਾਲ ਦਾ ਪ੍ਰੋਬੇਸ਼ਨ ਪੀਰੀਅਡ ਖ਼ਤਮ ਕਰਨ ਸਮੇਤ ਕਈ ਮੰਗਾਂ ਲੰਬਿਤ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕੀਤੇ ਗਏ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿੱਚ ਕੀਤੀ ਗਈ ਰੈਲੀ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਨਾ ਕਰਨਾ ਵੀ ਰੋਸ ਦਾ ਕਾਰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਨੂੰ ਵੱਧ ਤਨਖ਼ਾਹਾਂ ਦੇਣ ਸਬੰਧੀ ਸਰਕਾਰ ਦਾ ਪ੍ਰਚਾਰ ਤੱਥਾਂ ਤੋਂ ਉਲਟ ਹੈ।
ਰੈਲੀ ਨੂੰ ਜਸਵੀਰ ਸਿੰਘ ਟੌਹੜਾ, ਮਨਪ੍ਰੀਤ ਕੌਰ, ਗੌਰਵ ਧੀਮਾਨ, ਨਵਤੇਜ ਸਿੰਘ, ਹਰਨੇਕ ਸਿੰਘ ਮਾਵੀ, ਗੁਰਪ੍ਰੀਤ ਸਿੰਘ ਬਾਠ ਅਤੇ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।