Breaking News
Smart Media Dashmesh Insurance Point

SIR ਵਿਵਾਦ: ਪੰਜਾਬ ਕਾਂਗਰਸ ਦਾ ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ, ਵੜਿੰਗ ਸਮੇਤ ਸੈਂਕੜੇ ਵਰਕਰ ਹਿਰਾਸਤ ’ਚ

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਦੀ ਸੁਤੰਤਰ ਜਾਂਚ ਦੀ ਮੰਗ;

ਕਾਂਗਰਸੀਆਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਚੰਡੀਗੜ੍ਹ, 25 ਸਤੰਬਰ, ਮਨਜੀਤ ਸਿੰਘ ਚਾਨਾ:

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਜਾਂਚ (SIR) ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਪੰਜਾਬ ਵਿੱਚ SIR ਪ੍ਰਕਿਰਿਆ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਗਿਆਨੇਸ਼ ਕੁਮਾਰ ਦਾ ਪੁਤਲਾ ਵੀ ਸਾੜਿਆ। ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸੈਂਕੜੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਸੈਕਟਰ-17 ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਵਧੇ। ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਧੱਕਾਮੁੱਕੀ ਵੀ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ SIR ਦੀ ਪ੍ਰਕਿਰਿਆ ਨੇ ਪੰਜਾਬ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਲਗਭਗ 20,66,635 ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਹਟਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਚੋਣ ਕਮਿਸ਼ਨ ਵੱਲੋਂ ਮੰਗੇ ਗਏ ਦਸਤਾਵੇਜ਼ ਨਿਰਧਾਰਤ ਸਮੇਂ ਵਿੱਚ ਪੇਸ਼ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵੜਿੰਗ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਤਿੱਖੇ ਦੋਸ਼ ਲਗਾਉਂਦਿਆਂ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਨਾਮ ਹਟਾਉਣ ਦੀ ਪ੍ਰਕਿਰਿਆ ਬਾਰੇ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ SIR ਨਾਲ ਜੁੜੇ ਮਾਮਲੇ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।

ਕਾਂਗਰਸ ਪ੍ਰਧਾਨ ਨੇ ਰਾਹੁਲ ਗਾਂਧੀ ਵੱਲੋਂ ਚੋਣ ਪ੍ਰਕਿਰਿਆ ਅਤੇ ਕਥਿਤ ‘ਵੋਟਾਂ ਦੀ ਚੋਰੀ’ ਸਬੰਧੀ ਉਠਾਏ ਜਾ ਰਹੇ ਸਵਾਲਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਥੋੜ੍ਹੇ ਵੋਟਾਂ ਦੇ ਫਰਕ ਨਾਲ ਕਈ ਸੀਟਾਂ ਦੇ ਨਤੀਜੇ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ ਜਾ ਰਹੀ ਹੈ।

ਵੜਿੰਗ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਚੋਣ ਕਮਿਸ਼ਨਰ ਦੀ ਚੋਣ ਪ੍ਰਕਿਰਿਆ ਵਿੱਚ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਆਗੂ ਅਤੇ ਭਾਰਤ ਦੇ ਚੀਫ ਜਸਟਿਸ ਦੀ ਭੂਮਿਕਾ ਹੁੰਦੀ ਸੀ, ਪਰ ਬਾਅਦ ਵਿੱਚ ਕਾਨੂੰਨ ਵਿੱਚ ਤਬਦੀਲੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਬਦੀਲੀ ਨਾਲ ਚੋਣ ਕਮਿਸ਼ਨ ਦੀ ਸੁਤੰਤਰਤਾ ਬਾਰੇ ਸਵਾਲ ਪੈਦਾ ਹੋਏ ਹਨ।

ਉਨ੍ਹਾਂ ਮੁੱਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਲਿਖੇ ਗਏ 14 ਪੱਤਰਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਵੜਿੰਗ ਮੁਤਾਬਕ ਇਨ੍ਹਾਂ ਪੱਤਰਾਂ ਵਿੱਚ ਕਮਿਸ਼ਨ ਵੱਲੋਂ ਲਏ ਜਾ ਰਹੇ ਕੁਝ ਫੈਸਲਿਆਂ ਬਾਰੇ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੱਤਰਾਂ ਦੀ ਸਮੱਗਰੀ ਸਾਹਮਣੇ ਆਉਣ ਨਾਲ ਲੋਕਾਂ ਨੂੰ ਚੋਣ ਕਮਿਸ਼ਨ ਦੇ ਅੰਦਰੂਨੀ ਕੰਮਕਾਜ ਬਾਰੇ ਜਾਣਕਾਰੀ ਮਿਲ ਸਕਦੀ ਹੈ।

ਵੜਿੰਗ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਨਾਮ ਹਟਾਉਣ ਅਤੇ ਨਵੇਂ ਨਾਮ ਸ਼ਾਮਲ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰਾਹੁਲ ਗਾਂਧੀ ਵੱਲੋਂ ਉਠਾਏ ਜਾ ਰਹੇ ਚੋਣ ਸਬੰਧੀ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 20 ਲੱਖ ਵੋਟਰਾਂ ਦੇ ਨਾਮ ਹਟਾਏ ਜਾਣ ਸਬੰਧੀ ਸਵਾਲਾਂ ਦੇ ਜਵਾਬ ਮਿਲਣੇ ਚਾਹੀਦੇ ਹਨ ਅਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਕਰਨ ਵਾਲੀ ਵਿਵਸਥਾ ਬਾਰੇ ਵੀ ਸਪੱਸ਼ਟਤਾ ਹੋਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਦੇ ਨਾਲ-ਨਾਲ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਯਕੀਨੀ ਬਣਾਉਣਾ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਲਈ ਮਹੱਤਵਪੂਰਨ ਹੈ।

ਭਾਵੇਂਕਿ ਕਾਂਗਰਸ ਪਾਰਟੀ ਵੱਲੋਂ ਦਿੱਤਾ ਗਿਆ ਇਹ ਧਰਨਾ ਸਫ਼ਲ ਰਿਹਾ, ਪਰ ਕਿਤੇ ਨਾ ਕਿਤੇ ਸਾਬਕਾ ਮੁੱਖ ਮੰਤਰੀ ਚੰਨੀ ਸਮੇਤ ਹੋਰ ਕਈ ਸੀਨੀਅਰ ਕਾਂਗਰਸੀਆਂ ਆਗੂਆਂ ਦੀ ਕਮੀ ਰੜਕਦੀ ਰਹੀ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਵਿੱਚ ਏ.ਆਈ.ਸੀ.ਸੀ. ਦੇ ਸਕੱਤਰ ਸੂਰਜ ਠਾਕੁਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਧਰਮਵੀਰ ਗਾਂਧੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਏ.ਆਈ.ਸੀ.ਸੀ. ਦੇ ਸਹਿ-ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਖ਼ਜ਼ਾਨਚੀ ਅਮਿਤ ਵਿਜ, ਪੀ.ਪੀ.ਸੀ.ਸੀ. ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪਰਗਟ ਸਿੰਘ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਹਰਮੀਤ ਸਿੰਘ ਸੰਧੂ, ਹਰਦਿਆਲ ਸਿੰਘ ਕੰਬੋਜ਼, ਫਰੰਟਲ ਸੰਗਠਨ ਦੇ ਪ੍ਰਧਾਨ ਬਲਜੀਤ ਕੌਰ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਗਸੀਰ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਲਾਲੀ, ਮੋਹਿਤ ਮਹਿੰਦਰਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *