Breaking News
Smart Media Dashmesh Insurance Point

ਅਮਿਤ ਸ਼ਾਹ ਦਾ ਨਸ਼ਾ ਮੁਕਤ ਪੰਜਾਬ ਕਰਨ ਦਾ ਦਾਅਵਾ ਖੋਖਲਾ: ਬਲਬੀਰ ਸਿੱਧੂ

ਕਿਹਾ, ਭਾਜਪਾ-ਬਾਦਲ ਗੱਠਜੋੜ ਨੇ ਪੰਜਾਬ ਦੀ ਜਵਾਨੀ ਨੂੰ ‘ਚਿੱਟੇ’ ਦੀ ਦਲਦਲ ’ਚ ਧੱਕਿਆ;

ਮਹਿੰਗਾਈ, ਕਿਸਾਨੀ ਤੇ ਰੁਜ਼ਗਾਰ ਬਾਰੇ ਵੀ ਕੇਂਦਰ ਤੋਂ ਮੰਗੇ ਜਵਾਬ

ਮੋਹਾਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : 

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚੋਂ 31 ਦਸੰਬਰ 2029 ਤੱਕ ਨਸ਼ਾ ਖ਼ਤਮ ਕਰਨ ਦੇ ਕੀਤੇ ਦਾਅਵੇ ਨੂੰ ‘ਖੋਖਲਾ’ ਕਰਾਰ ਦਿੰਦਿਆਂ ਭਾਜਪਾ ’ਤੇ ਨਸ਼ਾ ਤਸਕਰੀ ਨਾਲ ਨਜਿੱਠਣ ਦੇ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ ਹੈ।

ਸਿੱਧੂ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਗੰਭੀਰ ਰੂਪ ਧਾਰ ਗਿਆ ਸੀ ਅਤੇ ਉਸ ਸਰਕਾਰ ਵਿੱਚ ਭਾਜਪਾ ਵੀ ਭਾਈਵਾਲ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀ ਸਥਿਤੀ ਲਈ ਉਸ ਸਮੇਂ ਦੀ ਸਰਕਾਰ ਵੀ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਕਰਨ ਤੋਂ ਪਹਿਲਾਂ ਭਾਜਪਾ ਨੂੰ ਆਪਣੇ ਪਿਛਲੇ ਰਿਕਾਰਡ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।

ਸਿੱਧੂ ਨੇ ਅਮਿਤ ਸ਼ਾਹ ਵੱਲੋਂ ਪੰਜਾਬ ਦੌਰੇ ਦੌਰਾਨ ਮਹਿੰਗਾਈ ਦੇ ਮੁੱਦੇ ਨੂੰ ਨਾ ਚੁੱਕਣ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਅਗਸਤ 2026 ਵਿੱਚ ਦੇਸ਼ ਦੀ ਪ੍ਰਚੂਨ ਮਹਿੰਗਾਈ 4.82 ਫ਼ੀਸਦੀ ਅਤੇ ਖੁਰਾਕੀ ਮਹਿੰਗਾਈ 5.95 ਫ਼ੀਸਦੀ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਪੈ ਰਹੇ ਪ੍ਰਭਾਵ ਬਾਰੇ ਕੇਂਦਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਕਾਂਗਰਸੀ ਆਗੂ ਨੇ ਸ਼ੇਅਰ ਬਾਜ਼ਾਰ ਵਿੱਚ ਆਈ ਗਿਰਾਵਟ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਭਾਰਤੀ ਇਕਵਿਟੀਜ਼ ਵਿੱਚੋਂ ਪੂੰਜੀ ਕੱਢਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਤੰਬਰ ਦੌਰਾਨ ਨਿਫਟੀ-50 ਅਤੇ ਸੈਂਸੈਕਸ ਵਿੱਚ ਗਿਰਾਵਟ ਦਰਜ ਹੋਈ ਅਤੇ ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਨੂੰ ਅਰਥਵਿਵਸਥਾ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।

ਕਿਸਾਨੀ ਦੇ ਮੁੱਦੇ ’ਤੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਹੋਏ ਲੰਮੇ ਸੰਘਰਸ਼ ਨੂੰ ਅਜੇ ਵੀ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਾਨੂੰਨ ਵਾਪਸ ਲੈਣ ਤੋਂ ਬਾਅਦ ਵੀ ਕਿਸਾਨਾਂ ਦੀਆਂ ਕਈ ਮੰਗਾਂ, ਖ਼ਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ, ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

ਸਿੱਧੂ ਨੇ ਗੋਆ ਅਤੇ ਗੁਜਰਾਤ ਵਿੱਚ ਨਸ਼ਾ ਤਸਕਰੀ ਨਾਲ ਨਜਿੱਠਣ ਨੂੰ ਲੈ ਕੇ ਵੀ ਭਾਜਪਾ ਸਰਕਾਰਾਂ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਗੁਜਰਾਤ ਦੀਆਂ ਸਮੁੰਦਰੀ ਬੰਦਰਗਾਹਾਂ ਰਾਹੀਂ ਵੱਡੀਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਫੜੇ ਜਾਣ ਦੇ ਬਾਵਜੂਦ ਕੇਂਦਰ ਤਸਕਰੀ ’ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾ ਸਕਿਆ। ਉਨ੍ਹਾਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਕੇਂਦਰੀ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ।

ਉਨ੍ਹਾਂ ਕਿਹਾ ਕਿ ਪੰਜਾਬ ਦੌਰੇ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਭਾਈਚਾਰੇ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਸੀ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ, ਮਹਿੰਗਾਈ, ਕਿਸਾਨੀ, ਰੁਜ਼ਗਾਰ ਅਤੇ ਸੂਬੇ ਦੇ ਆਰਥਿਕ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਠੋਸ ਨੀਤੀ ਅਤੇ ਜਵਾਬਦੇਹੀ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਕੇਂਦਰੀ ਆਗੂਆਂ ਨੂੰ ਇਨ੍ਹਾਂ ਮੁੱਦਿਆਂ ’ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।

Leave a Reply

Your email address will not be published. Required fields are marked *