Breaking News
Smart Media Dashmesh Insurance Point

ਸਿੱਖਿਆ ਬੋਰਡ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਭਲਾਈ ਨੀਤੀ-2026 ਦਾ ਸਵਾਗਤ

225 ਕੱਚੇ ਦਿਹਾੜੀਦਾਰ ਕਰਮਚਾਰੀਆਂ ਨੂੰ ਮਿਲੇਗੀ ਰਾਹਤ;

ਤਰੱਕੀਆਂ, ਪੁਰਾਣੀ ਪੈਨਸ਼ਨ ਅਤੇ ਡੀਏ ਦੀਆਂ ਮੰਗਾਂ ਵੀ ਉਠਾਈਆਂ

ਮੋਹਾਲੀ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਅੱਜ ਬੋਰਡ ਦੇ ਵਿਹੜੇ ਵਿੱਚ ਭਰਵੀਂ ਰੈਲੀ ਕੀਤੀ ਗਈ। ਇਸ ਦੌਰਾਨ ਜਥੇਬੰਦੀ ਨੇ ਕੱਚੇ ਸੀਜ਼ਨਲ ਦਿਹਾੜੀਦਾਰ ਕਰਮਚਾਰੀਆਂ ਲਈ ਲਾਗੂ ਕੀਤੀ ਗਈ ‘ਭਲਾਈ ਨੀਤੀ-2026’ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦਾ ਧੰਨਵਾਦ ਕੀਤਾ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਕੱਚੇ ਸੀਜ਼ਨਲ ਦਿਹਾੜੀਦਾਰ ਵਜੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਹ ਨੀਤੀ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਲਗਭਗ 225 ਕਰਮਚਾਰੀਆਂ ਨੂੰ ਰਾਹਤ ਮਿਲੀ ਹੈ। ਹੁਣ ਉਹ 58 ਸਾਲ ਦੀ ਉਮਰ ਤੱਕ ਸੇਵਾਵਾਂ ਨਿਭਾ ਸਕਣਗੇ ਅਤੇ ਉਨ੍ਹਾਂ ਨੂੰ ਪੂਰੇ ਮਹੀਨੇ ਦੀ ਤਨਖਾਹ, ਸਾਲਾਨਾ 10 ਛੁੱਟੀਆਂ ਤੇ ਮੈਡੀਕਲ ਸਹੂਲਤਾਂ ਮਿਲਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੀ ਅਤੇ ਡੀ ਸ਼੍ਰੇਣੀਆਂ ਅਨੁਸਾਰ ਬੇਸਿਕ ਪੇਅ ਦੇਣ ਬਾਰੇ ਵੀ ਸਕਾਰਾਤਮਕ ਫ਼ੈਸਲਾ ਲਿਆ ਜਾਵੇਗਾ।

ਰੈਲੀ ਦੌਰਾਨ ਬੋਰਡ ਕਰਮਚਾਰੀਆਂ ਅਤੇ ਆਦਰਸ਼ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕੀਆਂ ਤਰੱਕੀਆਂ ਦਾ ਮੁੱਦਾ ਵੀ ਉਠਾਇਆ ਗਿਆ। ਜਥੇਬੰਦੀ ਨੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਤਰੱਕੀਆਂ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰਕੇ ਹੁਕਮ ਜਾਰੀ ਕੀਤੇ ਜਾਣ, ਤਾਂ ਜੋ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।

ਇਸ ਤੋਂ ਇਲਾਵਾ, ਸਾਲ 2004 ਵਿੱਚ ਰੈਗੂਲਰ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਦੇਣ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਬੋਰਡ ਵਿੱਚ ਲਾਗੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਬੰਦੀ ਨੇ ਉਮੀਦ ਜਤਾਈ ਕਿ ਚੇਅਰਮੈਨ ਵੱਲੋਂ ਦਿੱਤੇ ਭਰੋਸੇ ਅਨੁਸਾਰ ਇਸ ਮਾਮਲੇ ਵਿੱਚ ਲੋੜੀਂਦੇ ਸਪੀਕਿੰਗ ਆਰਡਰ ਜਲਦੀ ਜਾਰੀ ਹੋਣਗੇ। ਕੰਟਰੈਕਟ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀਏ) ਦਾ ਲਾਭ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ ਸਮੇਤ ਮਨੋਜ ਕੁਮਾਰ ਰਾਣਾ, ਗੁਰਜੀਤ ਸਿੰਘ ਬੀਦੋਵਾਲੀ, ਲਖਵਿੰਦਰ ਸਿੰਘ ਘੜੂਆਂ, ਮਲਕੀਤ ਸਿੰਘ ਗੱਗੜ, ਮਨਜਿੰਦਰ ਸਿੰਘ ਹੁਲਕਾ, ਮਨਜੀਤ ਸਿੰਘ ਲਹਿਰਾਗਾਗਾ ਅਤੇ ਸਵਰਨ ਸਿੰਘ ਤਿਊੜ ਹਾਜ਼ਰ ਸਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਹੱਲ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *