
ਵਿਰੋਧੀ ਧਿਰ ਸੋਮਵਾਰ ਨੂੰ ਚੀਫ਼ ਜਸਟਿਸ (CJI) ਨੂੰ ਮਿਲੇਗੀ: ਰਾਹੁਲ ਗਾਂਧੀ
ਨਵੀਂ ਦਿੱਲੀ, 10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਇੰਡੀਆ ਗਠਜੋੜ ਦੇ ਆਗੂਆਂ ਨੇ ਕਥਿਤ ‘ਵੋਟ ਚੋਰੀ’ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਮੁੱਦੇ ’ਤੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਕਈ ਵਿਰੋਧੀ ਆਗੂ ਸ਼ਾਮਲ ਸਨ।
ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਵਿਰੋਧੀ ਧਿਰ ਦੇ ਆਗੂਆਂ ਤੋਂ ‘ਵੋਟ ਚੋਰੀ’ ਦੇ ਦੋਸ਼ਾਂ ਸਬੰਧੀ ਸਬੂਤ ਮੰਗੇ ਹਨ। ਉਨ੍ਹਾਂ ਕਿਹਾ ਕਿ INDIA ਗਠਜੋੜ ਕੋਲ ਮੌਜੂਦ ਸਬੂਤ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹਨ ਕਿ ਰਾਸ਼ਟਰਪਤੀ ਨੇ ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿੱਧੇ ਤੌਰ ’ਤੇ ਰੱਦ ਨਹੀਂ ਕੀਤਾ।
ਵਿਰੋਧੀ ਧਿਰ ਵਿਸ਼ੇਸ਼ ਵਿਆਪਕ ਸੋਧ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਸੋਮਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਣਗੇ। ਮੰਗ ਪੱਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ’ਤੇ ਭਾਰਤੀ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਦੇ ਗੰਭੀਰ ਦੋਸ਼ ਲਗਾਏ ਗਏ ਹਨ।