Breaking News
Smart Media Dashmesh Insurance Point

CJP ਪ੍ਰਦਰਸ਼ਨ: ਜੰਤਰ-ਮੰਤਰ ਨੇੜੇ ਇੰਟਰਨੈੱਟ ਠੱਪ, ਰੇਲਾਂ ਰੱਦ, ਦਿੱਲੀ ਬਾਰਡਰ ਸੀਲ; ਸਖਤ ਸੁਰੱਖਿਆ

CJP ਨੇ ਕੇਂਦਰ ’ਤੇ ਐਮਰਜੈਂਸੀ ਵਰਗੇ ਹਾਲਾਤ ਬਣਾਉਣ ਦੇ ਲਾਏ ਦੋਸ਼

ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ,10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਈ (SIR) ਅਤੇ ਭਾਰਤੀ ਚੋਣ ਕਮਿਸ਼ਨ (ECI) ਦੀ ਕਾਰਜਪ੍ਰਣਾਲੀ ਵਿਰੁੱਧ ਹੋਣ ਵਾਲੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ ਦੇ 4 ਕਿਲੋਮੀਟਰ ਦੇ ਘੇਰੇ ਵਿੱਚ ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ਨੀਵਾਰ ਰਾਤ 10 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰਕੇ ਰਾਜਧਾਨੀ ਨੂੰ ਪੁਲਿਸ ਸਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ 57 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ ਅਤੇ ਵੱਖ ਵੱਖ ਰਾਜਾਂ ਤੋਂ ਦਿੱਲੀ ਨੂੰ ਆਉਣ ਵਾਲੀਆਂ ਰਾਜਧਾਨੀ ਸਮੇਤ ਦਰਜਨਾਂ ਰੇਲ ਗੱਡੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ, ਜਦਕਿ ਬਾਕੀ ਦਿੱਲੀ ਵਿੱਚ ਇੰਟਰਨੈੱਟ ਚੱਲਦਾ ਰਹੇਗਾ।

ਇਹ ਕਾਰਵਾਈ ‘ਕੌਕਰੋਚ ਜਨਤਾ ਪਾਰਟੀ’ (CJP) ਅਤੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਵੱਲੋਂ 10 ਅਕਤੂਬਰ ਨੂੰ ਦਿੱਤੇ ਗਏ ਵੱਡੇ ਪ੍ਰਦਰਸ਼ਨ ਦੇ ਸੱਦੇ ਕਾਰਨ ਕੀਤੀ ਗਈ ਹੈ। ਪ੍ਰਦਰਸ਼ਨਕਾਰੀ ਵੋਟਰ ਸੂਚੀਆਂ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।

ਸੁਰੱਖਿਆ ਪ੍ਰਬੰਧਾਂ ਤਹਿਤ ਨਵੀਂ ਦਿੱਲੀ ਜ਼ਿਲ੍ਹੇ ਨੂੰ 20 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਰੇਕ ਜ਼ੋਨ ਦੀ ਨਿਗਰਾਨੀ ਸੀਨੀਅਰ ਪੁਲਿਸ ਅਧਿਕਾਰੀ ਕਰਨਗੇ। ਇਸ ਤੋਂ ਇਲਾਵਾ ਨਵੀਂ ਦਿੱਲੀ, ਕੇਂਦਰੀ ਦਿੱਲੀ ਅਤੇ ਉੱਤਰੀ ਦਿੱਲੀ ਦੇ ਅਹਿਮ ਸਥਾਨਾਂ ’ਤੇ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਨੋਇਡਾ-ਦਿੱਲੀ ਸਰਹੱਦ ’ਤੇ ਵੀ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਇਸੇ ਦੌਰਾਨ, ਨੋਇਡਾ ਵਿੱਚ ਕਿਸਾਨ ਯੂਨੀਅਨਾਂ, ਸਮਾਜਿਕ ਸੰਗਠਨਾਂ ਅਤੇ ਕੁਝ ਸਿਆਸੀ ਆਗੂਆਂ ਨੇ ਪੁਲਿਸ ਵੱਲੋਂ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤੇ ਜਾਣ ਦੇ ਦੋਸ਼ ਵੀ ਲਾਏ ਹਨ।

ਦੂਜੇ ਪਾਸੇ, CJP ਆਗੂ ਅਭਿਜੀਤ ਦੀਪਕੇ ਨੇ ਕੇਂਦਰ ਸਰਕਾਰ ‘ਤੇ “ਐਮਰਜੈਂਸੀ” ਵਰਗੇ ਹਾਲਾਤ ਪੈਦਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪਾਬੰਦੀਆਂ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ NSA ਜਾਂ UAPA ਲਗਾਏ ਜਾਣ ਦੇ ਬਾਵਜੂਦ ਉਹ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣਗੇ। CJP ਨੇਤਾ ਆਸ਼ੂਤੋਸ਼ ਰੰਕਾ ਨੇ ਵੀ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *