Breaking News
Smart Media Dashmesh Insurance Point

ਜੇਕਰ ਭਗਵੰਤ ਮਾਨ ਚੁਟਕਲੇ ਸੁਣਾ ਰਹੇ ਨੇ ਤਾਂ ਭਾਜਪਾ ਦੱਸੇ ਕਿ 14 ਸਾਲਾਂ ’ਚ ਪੰਜਾਬ ਦੇ ਕਿਹੜੇ ਮਸਲੇ ਹੱਲ ਕੀਤੇ: ਟਿਵਾਣਾ

ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਨਸ਼ਿਆਂ, ਬੇਰੁਜ਼ਗਾਰੀ ਅਤੇ ਸਿੱਖ ਬੰਦੀਆਂ ਦੀ ਰਿਹਾਈ ਦੇ ਮੁੱਦਿਆਂ ’ਤੇ ਕੇਂਦਰ ਨੂੰ ਘੇਰਿਆ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਅਤੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਭਾਜਪਾ ਆਗੂਆਂ ਵੱਲੋਂ ਪੰਜਾਬ ਸਰਕਾਰ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਪੰਜ ਸਾਲਾਂ ਤੋਂ ਚੁਟਕਲੇ ਸੁਣਾ ਰਹੇ ਹਨ ਤਾਂ ਭਾਜਪਾ ਵੀ ਦੱਸੇ ਕਿ ਕੇਂਦਰ ਦੀ ਸੱਤਾ ਵਿੱਚ 14 ਸਾਲਾਂ ਦੌਰਾਨ ਉਸ ਨੇ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਨਾ ਚਾਹੀਦਾ ਹੈ।

ਟਿਵਾਣਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ਵਿੱਚ ਕਣਕ ਅਤੇ ਚੌਲਾਂ ਦਾ ਵੱਡਾ ਯੋਗਦਾਨ ਪਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ। ਇਸ ਦੇ ਨਾਲ ਹੀ ਪੰਜਾਬੀਆਂ ਅਤੇ ਸਿੱਖਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਕੁਦਰਤੀ ਆਫ਼ਤਾਂ ਸਮੇਤ ਹਰ ਸੰਕਟ ਸਮੇਂ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਦੇ ਬਾਵਜੂਦ, ਉਨ੍ਹਾਂ ਅਨੁਸਾਰ, ਪੰਜਾਬ ਦੇ ਸੰਵਿਧਾਨਕ, ਸਮਾਜਿਕ, ਭੂਗੋਲਿਕ ਅਤੇ ਧਾਰਮਿਕ ਹੱਕਾਂ ਨਾਲ ਇਨਸਾਫ਼ ਨਹੀਂ ਹੋਇਆ।

ਉਨ੍ਹਾਂ ਪੰਜਾਬ ਦੇ ਦਰਿਆਈ ਪਾਣੀਆਂ, ਚੰਡੀਗੜ੍ਹ, ਭਾਖੜਾ-ਬਿਆਸ ਪ੍ਰਬੰਧਨ ਵਿੱਚ ਹਿੱਸੇਦਾਰੀ ਅਤੇ ਡੈਮਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਨਾਲ ਸਬੰਧਤ ਮਸਲਿਆਂ ਦਾ ਜ਼ਿਕਰ ਕਰਦਿਆਂ ਕੇਂਦਰ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।

ਟਿਵਾਣਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਅਤੇ ਕਾਨੂੰਨ ਵਿਵਸਥਾ ਦੀਆਂ ਚੁਣੌਤੀਆਂ ਲਈ ਸੂਬੇ ਅਤੇ ਕੇਂਦਰ ਵਿੱਚ ਸਮੇਂ-ਸਮੇਂ ’ਤੇ ਸੱਤਾ ਸੰਭਾਲਣ ਵਾਲੀਆਂ ਸਰਕਾਰਾਂ ਨੂੰ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਵੱਡੇ ਉਦਯੋਗ ਸਥਾਪਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਕਾਨੂੰਨ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਥਾਂ ਸਿਆਸੀ ਪਾਰਟੀਆਂ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ।

ਟਿਵਾਣਾ ਨੇ ਪੰਜਾਬੀਆਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਹੱਕਾਂ, ਸੂਬੇ ਦੇ ਸਰੋਤਾਂ ਅਤੇ ਭਵਿੱਖ ਦੀ ਰਾਖੀ ਲਈ ਇਕਜੁੱਟ ਹੋ ਕੇ ਫ਼ੈਸਲਾ ਲੈਣ।

Leave a Reply

Your email address will not be published. Required fields are marked *