
ਲਾਂਘੇ ’ਤੇ ਪਾਬੰਦੀਆਂ ਨਾਲ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ: ਹਰਜੋਤ ਬੈਂਸ
ਚੰਡੀਗੜ੍ਹ, 27 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਨਿਰੰਤਰ ਚਾਲੂ ਰੱਖਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਨ ਸਬੰਧੀ ਮਤਾ ਪੇਸ਼ ਕੀਤਾ ਗਿਆ। ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਆਵਾਜਾਈ ਦਾ ਰਸਤਾ ਨਹੀਂ, ਸਗੋਂ ਲੱਖਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਾਂਝੀ ਵਿਰਾਸਤ ਨਾਲ ਜੁੜਿਆ ਹੋਇਆ ਹੈ।
ਮਤੇ ਰਾਹੀਂ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਅਤੇ ਇਸ ਨੂੰ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕਣ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਸਰਲ ਬਣਾਉਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਸੰਗਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਸੁਰੱਖਿਅਤ ਅਤੇ ਨਿਰਵਿਘਨ ਦਰਸ਼ਨ ਕਰ ਸਕੇ।
ਸਦਨ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ, ਸਮਾਨਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਸੰਗਤ ਨੂੰ ਉਸ ਪਵਿੱਤਰ ਧਰਤੀ ਨਾਲ ਜੋੜਦਾ ਹੈ, ਜਿੱਥੇ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਰਾਹ ਦਿਖਾਇਆ।
ਮੰਤਰੀ ਨੇ ਕਿਹਾ ਕਿ ਲਾਂਘੇ ’ਤੇ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਇਸ ਨਾਲ 1947 ਦੀ ਵੰਡ ਸਮੇਂ ਵਿਛੜੇ ਪਰਿਵਾਰਾਂ ਦੇ ਦਰਦ ਨਾਲ ਜੁੜੀਆਂ ਭਾਵਨਾਵਾਂ ਵੀ ਸਾਹਮਣੇ ਆਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਦੀ ਸਹੂਲਤ ਲਈ ਯਾਤਰਾ ਪ੍ਰਕਿਰਿਆਵਾਂ ਸਰਲ ਬਣਾਉਣੀਆਂ ਚਾਹੀਦੀਆਂ ਹਨ। ਬੈਂਸ ਨੇ ਲਾਂਘੇ ਨੂੰ ਧਾਰਮਿਕ ਆਜ਼ਾਦੀ, ਆਪਸੀ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦਾ ਪ੍ਰਤੀਕ ਦੱਸਦਿਆਂ ਇਸ ਨੂੰ ਖੁੱਲ੍ਹਾ ਰੱਖਣ ਲਈ ਸੁਹਿਰਦ ਯਤਨ ਕਰਨ ਦੀ ਅਪੀਲ ਕੀਤੀ।