
ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ਦਰਮਿਆਨ ਮੈਡੀਕਲ ਨਸ਼ਿਆਂ ਦੀ ਗੈਰਕਾਨੂੰਨੀ ਵਿਕਰੀ ਤੇ ਹੋਮ ਡਿਲਿਵਰੀ ਚਿੰਤਾਜਨਕ
ਚੰਡੀਗੜ੍ਹ, 31 ਅਕਤੂਬਰ, ਮਨਜੀਤ ਸਿੰਘ ਚਾਨਾ:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਅੰਦਰਲੀ ਬੇਚੈਨੀ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਦੇ ਡਰ ਨੂੰ ਦਰਸਾਉਂਦਾ ਹੈ।
ਉੱਭਾ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਕਈ ਵਿਧਾਇਕਾਂ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਕਾਰਨ ‘ਆਪ’ ਲੀਡਰਸ਼ਿਪ ਚਿੰਤਤ ਹੈ। ਇਸੇ ਕਰਕੇ ਆਗੂਆਂ ਨੂੰ ਪਾਰਟੀ ਨਾਲ ਜੋੜੀ ਰੱਖਣ ਲਈ ਉਮੀਦਵਾਰਾਂ ਦਾ ਐਲਾਨ ਸਮੇਂ ਤੋਂ ਪਹਿਲਾਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ ਅਤੇ ਕਈ ਥਾਵਾਂ ’ਤੇ ‘ਆਪ’ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਵਾਅਦਿਆਂ ਦੇ ਬਾਵਜੂਦ ਮੈਡੀਕਲ ਨਸ਼ਿਆਂ ਦੀ ਗੈਰਕਾਨੂੰਨੀ ਵਿਕਰੀ ਅਤੇ ਹੋਮ ਡਿਲਿਵਰੀ ਦੀਆਂ ਖ਼ਬਰਾਂ ਚਿੰਤਾਜਨਕ ਹਨ। ਸਰਕਾਰ ਨੂੰ ਛੋਟੇ ਵਿਕਰੇਤਾਵਾਂ ਦੀ ਥਾਂ ਵੱਡੇ ਸਪਲਾਇਰਾਂ ਅਤੇ ਪੂਰੇ ਨੈੱਟਵਰਕ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।
ਉੱਭਾ ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਕਰਨਾ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਬਦਲ ਨਹੀਂ ਹੋ ਸਕਦਾ। ਸਰਕਾਰ ਨੂੰ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਬਾਰੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ।