
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 2 ਜਨਵਰੀ 2027 ਤੱਕ ਧਾਰਾ 163 ਅਧੀਨ ਹੁਕਮ ਜਾਰੀ
ਐਸ.ਏ.ਐਸ. ਨਗਰ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ, 2026 ਤੋਂ 2 ਜਨਵਰੀ 2027 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।
ਇਸੇ ਤਰ੍ਹਾਂ ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਤੋਂ 1 ਜਨਵਰੀ 2027 ਤੱਕ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸਬੰਧੀ ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇਸ ਤੋਂ ਇਲਾਵਾ, ਪਟਾਕਿਆਂ ਦੀ ਵਿਕਰੀ, ਵਰਤੋਂ ਅਤੇ ਆਵਾਜ਼ ਦੇ ਪੱਧਰ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਵਕ ਅਤੇ ਵਾਤਾਵਰਣ ਪੱਖੀ ਢੰਗ ਨਾਲ ਮਨਾਉਣ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ।