
ਨਵੀਂ ਦਿੱਲੀ, 3 ਜੂਨ, ਪੰਜਾਬੀ ਦੁਨੀਆ ਬਿਊਰੋ :
ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਐਨ ਇੱਕ ਦਿਨ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਇਟਿਡ) ਦੇ ਆਗੂ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਿਪੋਰਟਾਂ ਅਨੁਸਾਰ, ਉਹ ਭਾਜਪਾ ਦੇ ਮੁਖੀ ਜੇਪੀ ਨੱਡਾ ਨੂੰ ਵੀ ਮਿਲੇ।
ਜ਼ਿਕਰਯੋਗ ਹੈ ਕਿ ਜ਼ਿਆਦਾਤਰ ਐਗਜ਼ਿਟ ਪੋਲਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਸੱਤਾ ਸੰਭਾਲਣਗੇ, ਜਿਸ ਨਾਲ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ ਲੋਕ ਸਭਾ ਚੋਣਾਂ ਵਿੱਚ ਵੱਡਾ ਬਹੁਮਤ ਮਿਲਣ ਦੀ ਉਮੀਦ ਹੈ।
ਐਨਡੀਏ ਵੱਲੋਂ 400 ਤੋਂ ਵੱਧ ਸੀਟਾਂ ਦੇ ਦਿੱਤੇ ਨਾਅਰੇ ਦੇ ਮੱਦੇਨਜ਼ਰ, ਜ਼ਿਆਦਾਤਰ ਨੇ ਭਵਿੱਖਬਾਣੀ ਕੀਤੀ ਹੈ ਕਿ ਐਨਡੀਏ 350 ਤੋਂ ਵੱਧ ਜਿੱਤੇਗੀ, ਜੋ ਕਿ ਸਰਕਾਰ ਬਣਾਉਣ ਲਈ ਲੋੜੀਂਦੀਆਂ 272 ਸੀਟਾਂ ਦੇ ਬਹੁਮਤ ਦੇ ਅੰਕੜੇ ਤੋਂ ਬਹੁਤ ਜ਼ਿਆਦਾ ਹੈ।
ਇਸ ਦੌਰਾਨ, ਕਾਂਗਰਸ ਅਤੇ ਇੰਡੀਆ ਗੱਠਜੋੜ ਨਾਲ ਸਬੰਧਤ ਨੇਤਾਵਾਂ ਨੇ ਐਗਜ਼ਿਟ ਪੋਲ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਹ ਸਰਵੇਖਣ ਮਹਿਜ਼ “ਕਾਲਪਨਿਕ” ਹਨ ਅਤੇ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਹੀ ਦੇਸ਼ ਵਿਚ ਅਗਲੀ ਸਰਕਾਰ ਬਣਾਏਗਾ।
ਦੱਸਣਯੋਗ ਹੈ ਕਿ ਲੋਕ ਸਭਾ ਵੋਟਾਂ ਦੀ ਗਿਣਤੀ ਭਲਕੇ ਭਾਵ 4 ਜੂਨ ਨੂੰ ਹੋਵੇਗੀ।