
ਨਵੀਂ ਦਿੱਲੀ, 8 ਜੂਨ, ਪੰਜਾਬੀ ਦੁਨੀਆ ਬਿਊਰੋ:
ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਮੀਟਿੰਗ ਵਿੱਚ ਕਿਹਾ ਗਿਆ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਵਧੀਆ ਕਾਰਗੁਜ਼ਾਰੀ ਲਈ ਉਨ੍ਹਾਂ ਦੀਆਂ “ਦੋ ਭਾਰਤ ਜੋੜੋ” ਯਾਤਰਾਵਾਂ ਦਾ ਇਸ ਨੂੰ ਸਿਹਰਾ ਜਾਂਦਾ ਹੈ। ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। 2019 ਦੀਆਂ ਚੋਣਾਂ ਵਿੱਚ ਇਸਦੀ ਗਿਣਤੀ 52 ਤੋਂ ਵਧ ਕੇ 99 ਹੋ ਗਈ ਹੈ।
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਸੀਡਬਲਯੂਸੀ ਮੈਂਬਰਾਂ ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਸੰਭਾਲਣ ਦੀ ਬੇਨਤੀ ਕੀਤੀ ਹੈ। ਵੇਣੂਗੋਪਾਲ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਇਸ ‘ਤੇ ਜਲਦੀ ਹੀ ਫੈਸਲਾ ਲੈਣ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ 2014 ‘ਚ ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਕਿ ਕਾਂਗਰਸ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਮਿਲੇਗਾ। ਸੀਡਬਲਯੂਸੀ ਨੇ ਇਕ ਮਤੇ ਰਾਹੀਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਦਰਸ਼ਨ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ।