Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਸਰਕਾਰ ਵਲੋਂ ਡਲਹੌਜ਼ੀ ਸਥਿਤ ਰੇਸ਼ਮ ਬੀਜ ਉਤਪਾਦਨ ਸੈਂਟਰ ਦੀ ਮੁੜ ਸ਼ੁਰੂਆਤ

ਚੰਡੀਗੜ੍ਹ/ਡਲਹੌਜ਼ੀ, 22 ਜੂਨ, ਪੰਜਾਬੀ ਦੁਨੀਆ ਬਿਊਰੋ :

ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ, ਜੋ ਪਿਛਲੇ 15 ਸਾਲਾਂ ਤੋਂ ਬੰਦ ਪਿਆ ਸੀ, ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ ‘ਤੇ ਦਿੱਤਾ ਜਾਵੇਗਾ।

ਸ. ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ਼ੀ ਦਾ ਵਾਤਾਵਰਣ ਰੇਸ਼ਮ ਬੀਜ ਉਤਪਾਦਨ ਲਈ ਬਹੁਤ ਅਨੁਕੂਲ ਹੈ ਅਤੇ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਕੰਢੀ ਖੇਤਰ ਦੇ ਲਗਭਗ 1500 ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਤੋਂ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਆਦਿ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ।

ਇਸ ਮੌਕੇ ਕੈਬਨਿਟ ਮੰਤਰੀ ਨਾਲ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਅਵਤਾਰ ਸਿੰਘ ਮੈਨਜਰ, ਸੁਖਵੀਰ ਸਿੰਘ ਸੈਰੀਕਲਚਰ ਪਰਮੋਸ਼ਨ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *