Breaking News
Dashmesh GS Electricals Verka Smart Media Insurance Point Tav Prasad

ਮਨੋਹਰ ਲਾਲ ਖੱਟਰ ਦਾ ਅਸਤੀਫਾ: ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਬਣੇ

ਚੰਡੀਗੜ੍ਹ, 12 ਮਾਰਚ, ਪੰਜਾਬੀ ਦੁਨੀਆ ਬਿਊਰੋ :

ਅੱਜ ਹਰਿਆਣਾ ਵਿਚ ਵਾਪਰੇ ਤਾਜ਼ਾ ਘਟਨਾਕ੍ਮ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਆਪਸੀ ਗਠਜੋੜ ਟੁੱਟ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਸਵੇਰੇ 11.50 ਵਜੇ ਚੰਡੀਗੜ੍ਹ ਸਥਿਤ ਰਾਜ ਭਵਨ ਪਹੁੰਚੇ ਅਤੇ ਆਪਣੀ ਪੂਰੀ ਕੈਬਨਿਟ ਦਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਨੇਤਾ ਚੁਣ ਲਿਆ ਗਿਆ। ਇਸ ਤੋਂ ਬਾਅਦ 54 ਸਾਲਾ ਨਾਇਬ ਸਿੰਘ ਸੈਣੀ ਨੇ ਰਾਜ ਭਵਨ ਪਹੁੰਚ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹਨਾਂ ਸ਼ਾਮੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੈਣੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕੀਤਾ। ਸੈਣੀ ਮਨੋਹਰ ਲਾਲ ਦੇ ਕਰੀਬੀ ਹਨ। ਉਨ੍ਹਾਂ ਨੂੰ 27 ਅਕਤੂਬਰ 2023 ਨੂੰ ਹੀ ਹਰਿਆਣਾ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ।

ਤਰੁਣ ਚੁੱਘ ਨੇ ਨਾਇਬ ਸੈਣੀ ਨੂੰ ਦਿੱਤੀ ਵਧਾਈ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਹਰਿਆਣਾ ਪ੍ਰਦੇਸ਼ ਪ੍ਰਧਾਨ ਨਾਇਬ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਦਿ ਵੀ ਮੌਜੂਦ ਸਨ।

ਤਰੁਣ ਚੁੱਘ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਨਾਇਬ ਸਿੰਘ ਸੈਣੀ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕਈ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਹਰਿਆਣਾ ਭਾਜਪਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਵੀ ਹਨ। ਹੁਣ ਪਾਰਟੀ ਨੇ ਉਨ੍ਹਾਂ ਨੂੰ ਹਰਿਆਣਾ ਦੇ ਮੁੱਖਮੰਤਰੀ ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ ਹੈ ਅਤੇ ਸੈਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ ।

Leave a Reply

Your email address will not be published. Required fields are marked *