
ਵਾਇਨਾਡ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਕੇਰਲ ਦੇ ਵਾਇਨਾਡ ਜ਼ਿਲੇ ‘ਚ ਮੰਗਲਵਾਰ ਨੂੰ ਭਾਰੀ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ, ਜਦਕਿ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਲੋਕਾਂ ਵਿੱਚ ਇੱਕ ਨੇਪਾਲੀ ਪਰਿਵਾਰ ਦਾ ਇੱਕ ਸਾਲ ਦਾ ਬੱਚਾ ਵੀ ਸ਼ਾਮਲ ਸੀ। ਤੇਜ ਮੀਂਹ ਕਾਰਨ ਮੁੰਡਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ਦਾ ਸੰਪਰਕ ਟੁੱਟ ਗਿਆ।
ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਕਿਹਾ ਕਿ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਪਹਾੜੀ ਜ਼ਿਲ੍ਹੇ ਲਈ ਪ੍ਰਭਾਵਿਤ ਪਰਿਵਾਰਾਂ ਨੂੰ ਏਅਰਲਿਫਟ ਕਰਨ ਲਈ ਰਵਾਨਾ ਹੋਏ ਹਨ। NDRF ਨੇ ਮਲਬੇ ‘ਚੋਂ ਤਲਾਸ਼ੀ ਮੁਹਿੰਮ ਦੌਰਾਨ ਕਈ ਲਾਸ਼ਾਂ ਬਰਾਮਦ ਕੀਤੀਆਂ ਅਤੇ ਇਕ ਵਿਅਕਤੀ ਨੂੰ ਜ਼ਿੰਦਾ ਬਚਾਇਆ ਹੈ। ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਭਾਰਤੀ ਫੌਜ ਨੂੰ ਘਟਨਾ ਸਥਾਨ ‘ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ ਮੈਡੀਕਲ ਕਰਮਚਾਰੀ ਵੀ ਸ਼ਾਮਲ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕਟ ‘ਤੇ ਕੇਰਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਕੇਂਦਰ ਤੋਂ ਹਰ ਮਦਦ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵਾਇਨਾਡ ਜ਼ਮੀਨ ਖਿਸਕਣ ‘ਤੇ ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਸੰਕਟ ‘ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਕੇਂਦਰ ਨਾਲ ਗੱਲਬਾਤ ਕਰਨਗੇ।
ਇਸ ਦੌਰਾਨ ਭਾਰਤ ਦੇ ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ ਕਿ ਰਾਜ ਦੇ ਉੱਤਰੀ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।