
ਇਸਲਾਮਾਬਾਦ, 29 ਅਗਸਤ, ਪੰਜਾਬੀ ਦੁਨੀਆ ਬਿਊਰੋ :
ਗੁਆਂਢੀ ਮੁਲਕ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ਵਿੱਚ ਇਸਲਾਮਾਬਾਦ ਵਿੱਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਸਰਕਾਰ ਦੇ ਮੁਖੀਆਂ ਦੀ ਮੀਟਿੰਗ ਲਈ ਰਸਮੀ ਤੌਰ ‘ਤੇ ਸੱਦਾ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਦਿੱਤੀ ਹੈ।
ਪਾਕਿਸਤਾਨ ਅਕਤੂਬਰ ਵਿੱਚ ਦੋ ਦਿਨਾਂ ਐਸਸੀਓ ਸਰਕਾਰਾਂ ਦੇ ਮੁਖੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ ਕਿਉਂਕਿ ਇਸ ਸਮੇਂ ਇਸ ਕੋਲ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸਰਕਾਰ ਦੇ ਮੁਖੀਆਂ ਦੀ ਕੌਂਸਲ (ਸੀਐਚਜੀ) ਦੀ ਅਸਥਾਈ ਪ੍ਰਧਾਨਗੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ 15-16 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਜਿਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ।
ਜਦੋਂ ਕਿ ਕੁਝ ਦੇਸ਼ਾਂ ਨੇ ਪਹਿਲਾਂ ਹੀ ਐਸਸੀਓ ਮੀਟਿੰਗ ਵਿੱਚ ਆਪਣੀ ਸ਼ਮੂਲੀਅਤ ਲਈ ਪੁਸ਼ਟੀ ਕਰ ਦਿੱਤੀ ਹੈ, ਪਰ ਸ਼ਮੂਲੀਅਤ ਕਰਨ ਵਾਲੇ ਦੇਸ਼ਾਂ ਦੀ ਅਧਿਕਾਰਤ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਭਾਰਤ ਨੇ ਅਜੇ ਤੱਕ ਪਾਕਿ ਦੇ ਸੱਦੇ ਦਾ ਜਵਾਬ ਨਹੀਂ ਦਿੱਤਾ ਹੈ।
ਭਾਰਤ ਨਾਲ ਸਬੰਧਾਂ ਬਾਰੇ ਪੁੱਛੇ ਜਾਣ ‘ਤੇ ਬੁਲਾਰੇ ਨੇ ਕਿਹਾ, “ਪਾਕਿਸਤਾਨ ਦਾ ਭਾਰਤ ਨਾਲ ਸਿੱਧਾ ਦੁਵੱਲਾ ਵਪਾਰ ਨਹੀਂ ਹੈ।”
ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਭਾਰਤ ਨੇ ਵਰਚੁਅਲ ਫਾਰਮੈਟ ਵਿੱਚ ਐਸਸੀਓ ਮੀਟਿੰਗ ਦੀ ਮੇਜ਼ਬਾਨੀ ਕੀਤੀ ਸੀ ਅਤੇ ਪਾਕਿਸਤਾਨ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੀਡੀਓ ਲਿੰਕ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।