ਚੰਡੀਗੜ੍ਹ, 30 ਅਗਸਤ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਭਾਜਪਾ ਨੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਬਾਰੇ ਕੀਤੀ ਵਿਵਾਦਤ ਟਿੱਪਣੀ ‘ਤੇ ਡੂੰਘੀ ਨਰਾਜ਼ਗੀ ਜਤਾਈ ਹੈ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਮਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਉਨ੍ਹਾਂ ਦੀ ਔਰਤਾਂ ਪ੍ਰਤੀ ਘਟੀਆ ਸੋਚ ਨੂੰ ਦਰਸਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਇਸ ਸੋਚ ਦੇ ਪ੍ਰਦਰਸ਼ਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਮਾਨ ਖੁਦ ਐਮਪੀ ਰਹਿ ਚੁੱਕੇ ਹਨ, ਅਜਿਹੇ ਵਿੱਚ ਉਨ੍ਹਾਂ ਨੂੰ ਕਿਸੇ ਸੰਸਦ ਮੈਂਬਰ ਪ੍ਰਤੀ ਅਜਿਹੀ ਅਪਮਾਨਜਨਕ ਟਿੱਪਣੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀਆਂ ਧੀਆਂ ਪ੍ਰਤੀ ਅਜਿਹੀਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਮਾਨ, ਜੋ ਕਿ ਸਾਬਕਾ ਆਈ.ਪੀ.ਐਸ. ਹਨ, ਉਨ੍ਹਾਂ ਨੂੰ ਔਰਤਾਂ ਬਾਰੇ ਬਿਆਨ ਦੇਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚਣਾ ਚਾਹੀਦਾ ਹੈ।
ਬਾਜਵਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਇਸ ਟਿੱਪਣੀ ਲਈ ਸੰਸਦ ਮੈਂਬਰ ਕੰਗਨਾ ਰਣੌਤ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਸਪੀਕਰ ਤੋਂ ਇਹ ਵੀ ਮੰਗ ਕਰਦੇ ਹਨ ਕਿ ਉਹ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ‘ਤੇ ਸੰਸਦ ਮੈਂਬਰ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਕਾਰਵਾਈ ਕਰਨ ਲਈ ਦਬਾਅ ਪਾਉਣ।