Breaking News
Smart Media Insurance Point

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਖੇਡਾਂ ਨੂੰ ਹੁਲਾਰਾ ਦੇਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਯਕੀਨੀ ਬਣਾਉਣਾ ਇਸ ਐਕਟ ਦਾ ਮੁੱਖ ਉਦੇਸ਼ : ਮੁੱਖ ਮੰਤਰੀ

ਚੰਡੀਗੜ੍ਹ, 9 ਦਸੰਬਰ (ਮਨਜੀਤ ਸਿੰਘ ਚਾਨਾ) : 

ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵਰਤੇ ਜਾਂਦੇ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਜਿਹੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਜੋ ਸੂਬਾ ਪੱਧਰ ‘ਤੇ ਆਪਣੇ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨਗੇ ਜਾਂ ਕੌਮੀ ਪੱਧਰ ‘ਤੇ ਆਪਣੇ ਸੂਬੇ ਦੀ ਅਤੇ ਕੌਮਾਂਤਰੀ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਲੈਕਟ੍ਰਾਨਿਕ ਫਾਰਮੈਟ ਵਿੱਚ ਦਸਤਾਵੇਜ਼ ਅਤੇ ਖਾਤੇ ਡਾਇਰੈਕਟਰ ਖੇਡਾਂ, ਪੰਜਾਬ ਸਰਕਾਰ ਨੂੰ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਅਤੇ ਦੋ ਉੱਘੇ ਖਿਡਾਰੀ ਸ਼ਾਮਲ ਹੋਣਗੇ ਅਤੇ ਇਹ ਕਮੇਟੀ ਜ਼ਿਲ੍ਹੇ ਜਾਂ ਸੂਬੇ ਦੀ ਨੁਮਾਇੰਦਗੀ ਲਈ ਟੀਮ/ਖਿਡਾਰੀਆਂ ਦੀ ਚੋਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ/ਪ੍ਰਬੰਧਕੀ ਸਕੱਤਰ ਦੀ ਅਗਵਾਈ ਹੇਠ ਗਠਿਤ ਵਿਵਾਦ ਨਿਵਾਰਨ ਕਮੇਟੀ ਵੱਲੋਂ ਖਿਡਾਰੀਆਂ ਦੀ ਅਪੀਲ ਦਾ ਸੱਤ ਦਿਨਾਂ ਅੰਦਰ ਨਿਪਟਾਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਐਕਟ ਮੁਤਾਬਿਕ ਸਾਰੀਆਂ ਐਸੋਸੀਏਸ਼ਨਾਂ ਖੇਡ ਗਤੀਵਿਧੀਆਂ ਜਿਵੇਂ ਕੈਂਪ, ਲੀਗ ਅਤੇ ਮੁਕਾਬਲੇ ਕਰਵਾਉਣ ਲਈ ਇਕ ਕੈਲੰਡਰ ਤਿਆਰ ਕਰਨਗੀਆਂ ਅਤੇ ਇਸ ਨੂੰ ਹਰ ਸਾਲ 31 ਮਾਰਚ ਤੱਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨਗੀਆਂ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ 30 ਦਿਨਾਂ ਦੇ ਅੰਦਰ ਕੈਲੰਡਰ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਆਸ ਪ੍ਰਗਟਾਈ ਕਿ ਇਹ ਨੀਤੀ ਸੂਬੇ ਵਿੱਚ ਖੇਡਾਂ ਅਤੇ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗੀ, ਜਿਸ ਨਾਲ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕੇਗਾ।

Leave a Reply

Your email address will not be published. Required fields are marked *