
ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ:
ਆਪਣੀਆਂ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਸ਼ਨੀਵਾਰ ਨੂੰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ 306 ਦਿਨਾਂ ਤੋਂ ਚੱਲ ਰਿਹਾ ਹੈ। ਸ਼ਨੀਵਾਰ ਨੂੰ 101 ਕਿਸਾਨਾਂ ਦਾ ਜੱਥਾ ਦੁਪਹਿਰ 12.00 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ।
ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 18 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਸਾਡੇ ਸੋਸ਼ਲ ਮੀਡੀਆ ਪੇਜਾਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਿਸਾਨਾਂ ‘ਤੇ ਤਾਕਤ ਦੀ ਵਰਤੋਂ ਨਾ ਕਰਨ ਦੀ ਗੱਲ ਕਹੀ ਹੈ।
ਦੱਸਣਯੋਗ ਹੈ ਕਿ ਕਿਸਾਨਾਂ ਨੇ ਪਿਛਲੇ ਹਫਤੇ ਦੋ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਵੱਲੋਂ ਗੈਸ ਦੇ ਗੋਲੇ ਛੱਡਣ ਤੋਂ ਬਾਅਦ ਮਾਰਚ ਨੂੰ ਵਾਪਸ ਲੈ ਲਿਆ ਗਿਆ ਸੀ, ਜਿਸ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ।