Breaking News
Smart Media Dashmesh Mohali Walk Smart Media Insurance Point Hardev Singh Ubha

ਕਿਸਾਨਾਂ ਅਤੇ ਕੇਂਦਰ ਵਿਚਕਾਰ ਗੱਲਬਾਤ ਰਹੀ ਬੇਸਿੱਟਾ, ਅਗਲੀ ਮੀਟਿੰਗ 19 ਮਾਰਚ ਨੂੰ

ਚੰਡੀਗੜ੍ਹ, 23 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਕੇਂਦਰ ਸਰਕਾਰ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਫਦ ਵਿਚਕਾਰ ਬੀਤੀ ਰਾਤ ਚੰਡੀਗੜ੍ਹ ਵਿੱਚ 6ਵੇਂ ਦੌਰ ਦੀ ਮੀਟਿੰਗ ਹੋਈ। ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਸਥਾਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ ਨੂੰ ਹੋਵੇਗੀ।

ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ, ਕਿਸਾਨਾਂ ਅੱਗੇ ਰੱਖੀਆਂ। ਕਿਸਾਨਾਂ ਦੀ ਗੱਲ ਵੀ ਸੁਣੀ ਗਈ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।

ਇਸ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਹੋਵੇਗੀ ਜਦੋਂ ਤੱਕ ਕੇਂਦਰ ਸਰਕਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਦਿੱਤੀ ਜਾਂਦੀ।

ਬਾਅਦ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਜਾਰੀ ਰਹਿਣਗੇ।

ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਸ ਮੀਟਿੰਗ ਲਈ ਖਨੌਰੀ ਬਾਰਡਰ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ ਸੀ। ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿੱਚ ਪੁੱਜੇ, ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚ ਗਏ। ਉਨ੍ਹਾਂ ਨੇ ਝੁਕ ਕੇ ਡੱਲੇਵਾਲ, ਜੋ ਕੁਰਸੀ ‘ਤੇ ਬੈਠੇ ਸਨ, ਤੋਂ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਉਹ ਹੋਰ ਕਿਸਾਨ ਆਗੂਆਂ ਨੂੰ ਮਿਲੇ।

Leave a Reply

Your email address will not be published. Required fields are marked *