
ਨਵੀਂ ਦਿੱਲੀ, 2 ਮਾਰਚ, ਪੰਜਾਬੀ ਦੁਨੀਆ ਬਿਊਰੋ :
ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਉਪਾਵਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ‘ਤੇ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਦੇਣ ਤੋਂ ਇਨਕਾਰ ਕਰਨਾ ਸ਼ਾਮਲ ਹੈ।ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਜਿਨ੍ਹਾਂ ਨੇ ਹਾਲ ਹੀ ਵਿੱਚ ਵਾਤਾਵਰਣ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ, ਨੇ ਕਿਹਾ ਕਿ ਇਹ ਨਿਰਦੇਸ਼ 31 ਮਾਰਚ ਤੋਂ ਬਾਅਦ ਲਾਗੂ ਹੋਣਗੇ।
ਮੰਤਰੀ ਸਿਰਸਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਭਾਜਪਾ ਸਰਕਾਰ ਸ਼ਹਿਰ ਵਿੱਚ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇਗੀ।
ਸਿਰਸਾ ਨੇ ਅੱਗੇ ਕਿਹਾ ਕਿ “ਅਸੀਂ 15 ਸਾਲ ਤੋਂ ਪੁਰਾਣੇ ਵਾਹਨਾਂ ਦੀ ਪਛਾਣ ਕਰਨ ਲਈ ਪੈਟਰੋਲ ਪੰਪਾਂ ‘ਤੇ ਯੰਤਰ ਲਗਾ ਰਹੇ ਹਾਂ। 31 ਮਾਰਚ ਤੋਂ ਬਾਅਦ ਉਨ੍ਹਾਂ ਨੂੰ ਕੋਈ ਪੈਟਰੋਲ/ਡੀਜ਼ਲ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ 15 ਸਾਲ ਤੋਂ ਪੁਰਾਣੇ ਵਾਹਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਟੀਮਾਂ ਬਣਾਈਆਂ ਜਾਣਗੀਆਂ।