
ਕਿਹਾ, ਕੇਂਦਰ ਸਰਕਾਰ ਸਪੈਸ਼ਲ ਟਰੇਨਾਂ ਲਗਾ ਕੇ ਤੁਰੰਤ ਕਰਵਾਏ ਕਣਕ ਦੀ ਲਿਫਟਿੰਗ
ਮੋਹਾਲੀ, 6 ਮਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ, ਪਰ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਵਿੱਚ ਅਣਗਹਿਲੀ ਵਰਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 124.05 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 123.35 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 79.36 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 43.99 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਈ ਹੈ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 1.10 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ 1.19 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 25821.71 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਚੇਅਰਮੈਨ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖਰਾਬ ਹੋ ਰਿਹਾ ਹੈ ਅਤੇ ਲਿਫਟਿੰਗ ਘੱਟ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ। ਕੇਂਦਰ ਸਰਕਾਰ ਦੀ ਮਾੜੀ ਕਾਰਗੁਜਾਰੀ ਦੇ ਚਲਦਿਆਂ ਮੰਡੀਆਂ ਵਿੱਚ ਕਣਕ ਭਿੱਜ ਰਹੀ ਹੈ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰ ਮੌਸਮ ਖਰਾਬ ਹੋਣ ਕਰਕੇ ਜੇਕਰ ਖਰੀਦ ਕੀਤੀ ਕਣਕ ਭਿੱਜ ਜਾਂਦੀ ਹੈ, ਤਾਂ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।