
ਕਿਹਾ, ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ
ਚੰਡੀਗੜ੍ਹ, 20 ਮਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਵੱਖ ਵੱਖ ਸਰਕਾਰੀ ਮਹਿਕਮਿਆਂ ਵਿਚ ਨੌਕਰੀ ਹਾਸਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।
ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।