
ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ
ਐਸ.ਏ.ਐਸ.ਨਗਰ, 28 ਮਈ, ਪੰਜਾਬੀ ਦੁਨੀਆ ਬਿਊਰੋ:
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਉਨ੍ਹਾਂ ਕਿਹਾ ਕਿ ਮੈਚਾਂ ਦੌਰਾਨ ਪਾਰਕਿੰਗ ਦੀ ਕੋਈ ਸਮੱਸਿਆਂ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਪਾਰਕਿੰਗ ਸਬੰਧੀ ਗਾਈਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।ਸ੍ਰੀਮਤੀ ਕੋਮਲ ਮਿੱਤਲ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੂਡ ਦੀ ਚੈਕਿੰਗ, ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਡਾ. ਅੰਕਿਤਾ ਕਾਂਸਲ, ਐਸ.ਡੀ.ਐਮ, ਖਰੜ ਦਿਵਿਆ ਪੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 29 ਮਈ 2025 ਤੋਂ 30 ਮਈ 2025 ਤੱਕ ਉਕਤ ਏਰੀਏ ਵਿੱਚ ਲਾਗੂ ਰਹਿਣਗੇ।