Breaking News
Dashmesh GS Electricals Verka Smart Media Insurance Point Tav Prasad

1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ

ਚੰਡੀਗੜ੍ਹ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਮਹੱਤਵ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ।

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਹਿਲਕਦਮੀ ਨੂੰ ਪੁਖਤਾ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਰਹੀ ਹੈ।

Leave a Reply

Your email address will not be published. Required fields are marked *