
ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਮੋਹਾਲੀ ਵਿਖੇ ਨਸ਼ਾ ਵਿਰੋਧੀ ਅਭਿਆਨ ਸਨਮਾਨ ਸਮਾਰੋਹ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ੳਨ੍ਹਾਂ ਵੱਲੋਂ ਕਾਲਜ ਦੇ ਵਿਹੜੇ ਵਿੱਚ ਰੁੱਖ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਭਾਰਤ ਥੀਮ ‘ਤੇ ਨਾਟਕ, ਪੋਸਟਰ ਨਿਰਮਾਣ ਅਤੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਰਚਨਾਤਮਕ ਪ੍ਰਸਤਾਵਾਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਨੁਕਸਾਨਾਂ ਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਇਸ ਕਲਾ ਅਤੇ ਸੰਵੇਦਨਸ਼ੀਲ ਭੂਮਿਕਾ ਲਈ ਰਾਜਪਾਲ ਪੰਜਾਬ ਵੱਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਰਤਨ ਕਾਲਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਸਮਾਜ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਾਲਜ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਖੁਲ੍ਹ ਕੇ ਸ਼ਲਾਘਾ ਕੀਤੀ।ਇਸ ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਨਸ਼ਾ ਮੁਕਤ ਅਭਿਆਨ ਵਿੱਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹ ਵਿਅਕਤੀ ਜੋ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ, ਉਨ੍ਹਾਂ ਨੂੰ ਵੀ ਸਨਮਾਨਿਤ ਕਰ ਉਨ੍ਹਾਂ ਦੀ ਹਿੰਮਤ ਨੂੰ ਸਲਾਮ ਕੀਤਾ ਗਿਆ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰ ਜਵਾਨਾਂ, ਸੂਰਬੀਰਾਂ ਅਤੇ ਗੁਰੂਆਂ ਪੀਰਾਂ, ਮਹਾਨ ਯੋਧਿਆਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਛੜਯੰਤਰ ਤਹਿਤ ਸਾਨੂੰ ਨਸ਼ਿਆਂ ਅਤੇ ਡਰੱਗ ਰਾਹੀਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜਿਸ਼ ਦਾ ਸਾਨੂੰ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ’ਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਨੂੰ ਕਮਜੋਰ ਕਰਨ ਲਈ ਸਾਜ਼ਿਸਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਸਾਰੇ ਕੋਸ਼ਿਸ਼ ਕਰਨ ਕਿ ਸਾਰੇ ਪਿੰਡ, ਸਾਰਾ ਦੇਸ਼, ਸਾਰੇ ਕਾਲਜ, ਸਾਰੀਆਂ ਯੂਨੀਵਰਸਿਟੀਆਂ ਅਤੇ ਸਾਰੇ ਸ਼ਹਿਰ ਨਸ਼ਾ ਮੁਕਤ ਕਰੀਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਉੁਨ੍ਹਾਂ ਕਿਹਾ ਕਿ ਜਦੋਂ ਕਿਸੇ ਕਾਰਜ ਨੂੰ ਸਮਾਜਿਕ ਰੂਪ ’ਚ ਕੀਤਾ ਜਾਵੇ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ। ਸ੍ਰੀ ਕਟਾਰੀਆਂ ਨੇ ਪਿੰਡਾਂ ਦੇ ਮੌਜੂਦ ਪੰਚਾਂ ਸਰੰਪਚਾਂ ਅਤੇ ਇਕੱਤਰ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ’ਚ ਸਮਾਜਿਕ ਚੇਤਨਾ ਦੇ ਰੂਪ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਦਿਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ, ਰਾਜਪਾਲ ਦੇ ਏ.ਡੀ.ਸੀ. ਰਣਧੀਰ ਸਿੰਘ, ਐਸ.ਡੀ.ਐਮ, ਮੋਹਾਲੀ, ਦਮਨਦੀਪ ਕੌਰ, ਸੁੰਦਰ ਲਾਲ ਅਗਰਵਾਲ, ਚੈਅਰਮੈਨ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਕਾਰਤਿਕ ਅਗਰਵਾਲ, ਡਾਇਰੈਕਟਰ, ਮੈਨੇਜਿੰਗ ਡਾਇਰੈਕਟਰ, ਸੰਗੀਤਾ ਅਗਰਵਾਲ ਅਤੇ ਦੀਪਿਕਾ ਗਰਗ, ਪ੍ਰਿੰਸੀਪਲ ਐਜੂਕੇਸ਼ਨ ਕਾਲਜ, ਡਾ. ਮਨਦੀਪ ਕੌਰ, ਪ੍ਰਿੰਸੀਪਲ ਕਾਲਜ ਆਫ ਨਰਸਿੰਗ ਡਾ. ਕਾਰਤਿਕਾ ਸ਼ਰਮਾ, ਹਰਦੇਵ ਸਿੰਘ ਉੱਭਾ ਅਤੇ ਕਾਲਜ ਦੇ ਵਿਦਿਆਰਥੀ, ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਵੀ ਮੌਜੂਦ ਸਨ।