Breaking News
Smart Media Dashmesh Mohali Walk Smart Media Insurance Point Hardev Singh Ubha

ਡੇਂਗੂ ਤੇ ਵਾਰ : ਸਿਹਤ ਟੀਮਾਂ ਨੂੰ ਵੱਖ-ਵੱਖ ਥਾਈਂ ਮਿਲਿਆ ਲਾਰਵਾ

ਲੋਕ ਵੀ ਆਪਣਾ ਫ਼ਰਜ਼ ਸਮਝਦਿਆਂ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ : ਡਾ. ਸੰਗੀਤਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਜਾ ਕੇ ਚੈਕਿੰਗ ਕੀਤੀ ਅਤੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭ ਕੇ ਨਸ਼ਟ ਕੀਤਾ।

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸ਼ਹਿਰ ਦੇ ਫ਼ੇਜ਼ 3ਬੀ1 ਵਿਚ ਪੈਂਦੇ ਸਕੂਲ ਆਫ਼ ਐਮੀਨੈਂਸ ਵਿਚ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿਤੇ। ਡਾ. ਜੈਨ ਨੇ ਦਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਮੁਹਿੰਮ ਜ਼ਰੀਏ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਡੇਂਗੂ ਬੁ਼ਖਾਰ ਤੋਂ ਬਚਾਉਣ ਵਿਚ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਖ਼ੁਦ ਵੀ ਸਾਵਧਾਨੀਆਂ ਵਰਤਦਿਆਂ ਅਪਣੇ ਘਰ ਅਤੇ ਆਲ਼ੇ- ਦੁਆਲ਼ੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਚੈਕਿੰਗ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਨਿੱਜੀ ਤੇ ਪ੍ਰਾਈਵੇਟ ਸਕੂਲਾਂ ਵਿਚ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦਾ ਲਾਰਵਾ ਮਿਲਿਆ ਹੈ। ਸਿਹਤ ਟੀਮਾਂ ਵਲੋਂ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ ਹੈ ਤਾਕਿ ਭਵਿੱਖ ਵਿਚ ਲਾਰਵਾ ਪੈਦਾ ਨਾ ਹੋਣ ਦਿਤਾ ਜਾਵੇ।

ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸਮੇਤ ਸਿਹਤ ਅਧਿਕਾਰੀ ਤੇ ਸਿਹਤ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *